ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ’ਚ ਸ਼ਾਮਲ
ਆਤਿਸ਼ ਗੁਪਤਾ
ਚੰਡੀਗੜ੍ਹ, 1 ਜਨਵਰੀ
ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ। ਇਸ ਮੌਕੇ ਜਸਵੀਰ ਗੜ੍ਹੀ ਦੇ ਨਾਲ ਬਸਪਾ ਦੇ ਸਾਬਕਾ ਜਨਰਲ ਸਕੱਤਰ ਡਾ. ਜਸਪ੍ਰੀਤ ਸਿੰਘ, ਸਾਬਕਾ ਪੰਜਾਬ ਪ੍ਰਧਾਨ ਤੇ ਮੌਜੂਦਾ ਜਨਰਲ ਸਕੱਤਰ ਗੁਰਲਾਲ ਸੈਲਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੜ੍ਹੀ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਗੜ੍ਹੀ ਨੂੰ ਨਾਲ ਲੈ ਕੇ ਸਮਾਜ ਦੇ ਹਰ ਵਰਗ ਲਈ ਨਿਆਂ, ਸਮਾਨਤਾ ਦੇ ਮੌਕੇ ਯਕੀਨੀ ਬਣਾਏਗੀ। ‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਗੜ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਸਪਾ ’ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਹੀ ਅੰਬੇਡਕਰ ਦੀ ਵਿਰਾਸਤ ਨੂੰ ਹਰ ਘਰ ਤੱਕ ਪਹੁੰਚਾ ਸਕਦੀ ਹੈ। ਦੱਸਣਯੋਗ ਹੈ ਕਿ ਗੜ੍ਹੀ ਨੂੰ ਬੀਤੇ ਸਾਲ ਨਵੰਬਰ ਮਹੀਨੇ ਵਿੱਚ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਹੁਕਮਾਂ ਤਹਿਤ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਪਾਰਟੀ ਨੇ ਉਨ੍ਹਾਂ ’ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਪਾਰਟੀ ਹਾਈਕਮਾਨ ਨੇ ਗੜ੍ਹੀ ਦੀ ਥਾਂ ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਵਿਧਾਇਕ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਸੂਬਾ ਪ੍ਰਧਾਨ ਥਾਪ ਦਿੱਤਾ ਸੀ।