ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਜਾਗਰੂਕ ਕਰੇਗਾ ਸ਼੍ਰੋਮਣੀ ਅਕਾਲੀ ਦਲ
ਜਸਬੀਰ ਸ਼ੇਤਰਾ
ਮੁੱਲਾਂਪੁਰ ਦਾਖਾ, 3 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਵਿਚਲੀਆਂ ਖਾਮੀਆਂ ਨੂੰ ਇਕ-ਇਕ ਕਰਕੇ ਉਜਾਗਰ ਕੀਤਾ। ਨਾਲ ਹੀ ਜ਼ਿਲ੍ਹੇ ਦੀ 24311 ਏਕੜ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਪਿੰਡਾਂ ਵਿੱਚ ਕੈਂਪ ਲਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਅਰਬਨ ਅਸਟੇਟ ਪਾਲਿਸੀ ਦੇ ਵਿਰੋਧ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਇਥੇ ਮੁੱਲਾਂਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਲੋਕ ਸਭਾ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ, ਜਸਕਰਨਜੀਤ ਸਿੰਘ ਦਿਓਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਅਤੇ ਹੋਰ ਆਗੂਆਂ ਨੂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਦਿੱਲੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਇਹ ਉਪਜਾਊ ਜ਼ਮੀਨ ਹਥਿਆਉਣ ਦੀ ਸਾਜਿਸ਼ ਰਚੀ ਗਈ ਹੈ। ਇਹ ਨੀਤੀ ਸਿੱਧਾ ਕਲੋਨਾਈਜ਼ਰਾਂ ਨੂੰ ਲਾਭ ਪਹੁੰਚਾਉਣ ਵਾਲੀ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਕਿਸਾਨਾਂ ਨੂੰ ਸਰਕਾਰ ਦੀਆਂ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਲੋਂ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਲੋਕਾਂ ਤੋਂ ਹਲਫ਼ੀਆ ਬਿਆਨ ਇਕੱਠੇ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਮਾਮਲੇ 'ਤੇ ਵਿਸ਼ਾਲ ਧਰਨਾ ਲਗਾਉਣ ਤੋਂ ਬਾਅਦ ਸਰਕਾਰ ਜ਼ਮੀਨ ਐਕੁਆਇਰ ਕਰਨ ਦੀ ਨੀਤੀ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਮਜਬੂਰ ਹੋਈ ਹੈ ਅਤੇ ਇਹ ਗੱਲ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਵਾਨ ਕੀਤੀ ਤਜਵੀਜ਼ ਵਿੱਚ ਸਾਫ ਦਿਸਦੀ ਹੈ। ਇਸ ਮੌਕੇ ਸਵਰਨ ਸਿੰਘ ਗਿੱਲ ਛੱਜਾਵਾਲ, ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਹਲਕਾ ਗਿੱਲ ਦੇ ਇੰਚਾਰਜ ਪ੍ਰੇਮ ਸਿੰਘ ਹਰਨਾਮਪੁਰਾ ਵੀ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੋ ਲੈਂਡ ਪੂਲਿੰਗ ਨੀਤੀ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਜ਼ਮੀਨ ਐਕੁਆਇਰ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾ ਕੈਂਪਾਂ ਵਿੱਚ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਨ ਸਬੰਧੀ ਇਤਰਾਜ਼ ਹੋਣ ਦੇ ਹਲਫ਼ੀਆ ਬਿਆਨ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ। ਕਿਸਾਨਾਂ ਦਾ ਇਸ ਸੰਘਰਸ਼ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ ਕਿਉਕਿ ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਲੈ ਕੇ ਉਨ੍ਹਾਂ ਨੂੰ ਬਦਲੇ ਵਿੱਚ ਸਿਰਫ਼ ਪਲਾਟ ਦੇਣ ਦੀ ਗੱਲ ਕਰ ਰਹੀ ਹੈ।