ਜ਼ਮੀਨ ਬਦਲੇ ਨੌਕਰੀ ਮਾਮਲਾ: ਲਾਲੂ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਰਜੇਡੀ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਇਜਾਜ਼ਤ ਸੀਆਰਪੀਸੀ ਦੀ ਧਾਰਾ 197(1) (ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 218) ਤਹਿਤ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕੀਤੀ ਗਈ ਸੀ ਅਤੇ ਸੰਘੀ ਜਾਂਚ ਏਜੰਸੀ ਨੇ ਪਿਛਲੇ ਸਾਲ ਅਗਸਤ ਵਿੱਚ ਬਿਹਾਰ ਦੇ 76 ਸਾਲਾ ਸਾਬਕਾ ਮੁੱਖ ਮੰਤਰੀ, ਉਨ੍ਹਾਂ ਦੇ ਪੁੱਤਰ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਜਨਵਰੀ 2024 ਵਿੱਚ ਲਾਲੂ ਦੇ ਪਰਿਵਾਰਕ ਮੈਂਬਰਾਂ ਤੇ ਉਨ੍ਹਾਂ ਦੀਆਂ ਕੰਪਨੀਆਂ ਖ਼ਿਲਾਫ਼ ਆਪਣੀ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਤਤਕਾਲੀ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ’ਤੇ 2004-2009 ਦੌਰਾਨ ਭਾਰਤੀ ਰੇਲਵੇ ਵਿੱਚ ਗਰੁੱਪ ‘ਡੀ’ ਦੀਆਂ ਨਿਯੁਕਤੀਆਂ ਵਿੱਚ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਸਨ। -ਪੀਟੀਆਈ