ਜ਼ਿਲ੍ਹਾ ਸਕੱਤਰੇਤ ਵਿੱਚ ਕੰਟਰੋਲ ਰੂਮ ਕਾਇਮ
ਪੱਤਰ ਪ੍ਰੇਰਕ
ਯਮੁਨਾਨਗਰ, 10 ਮਈ
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਪ੍ਰਸ਼ਾਸਨ ਨੂੰ ਵੀਡਿਓ ਕਾਨਫਰੰਸ ਰਾਹੀਂ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਾਇਰਨ ਲਗਾਏ ਜਾ ਰਹੇ ਹਨ। ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਚਿੰਤਾ ਜਾਂ ਡਰਨ ਦੀ ਕੋਈ ਲੋੜ ਨਹੀਂ ਹੈ। ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਆਫ਼ਤ ਪ੍ਰਬੰਧਨ ਟੀਮਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਕੱਤਰੇਤ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਦਾ ਨੰਬਰ 01732-237801 ਹੈ ਅਤੇ ਕੋਈ ਵੀ 24 ਘੰਟੇ ਕਿਸੇ ਵੀ ਸਮੇਂ 112 ‘ਤੇ ਡਾਇਲ ਕਰਕੇ ਸੂਚਨਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਅਤੇ ਦੁਕਾਨਾਂ, ਸਾਈਨ ਬੋਰਡਾਂ, ਫੈਕਟਰੀਆਂ ਆਦਿ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਾਇਰਨ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ 12 ਸਾਇਰਨ ਲਗਾਏ ਗਏ ਹਨ। ਡੀਸੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ । ਉਨ੍ਹਾਂ ਵਪਾਰੀਆਂ ਨੂੰ ਰਾਸ਼ਨ, ਗੈਸ ਅਤੇ ਪੈਟਰੋਲ ਦੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ। ਪੁਲੀਸ ਸੁਪਰਡੈਂਟ ਸੁਰੇਂਦਰ ਸਿੰਘ ਭੋਰੀਆ ਨੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ।