ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਅਲੀ ਵੀਡੀਓ ਨਾਲ ਅਫਵਾਹਾਂ ਫੈਲਾਉਣ ਦੇ ਦੋਸ਼ ਹੇਠ ਦੋ ਕਾਬੂ

06:30 AM May 11, 2025 IST
featuredImage featuredImage
ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 10 ਮਈ
ਮੌਜੂਦਾ ਹਾਲਾਤ ਵਿੱਚ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਲੁਧਿਆਣਾ ਪੁਲੀਸ ਨੇ ਸ਼ਨਿਚਰਵਾਰ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਜਾਅਲੀ ਵੀਡੀਓ ਪਾਉਣ ਦੇ ਦੋਸ਼ ਹੇਠ ਦੋ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵੇਂ ਮੁਲਜ਼ਮ ਵੀਡੀਓਜ਼ ਰਾਹੀਂ ਲੋਕਾਂ ਵਿੱਚ ਬੇਲੋੜੀ ਦਹਿਸ਼ਤ ਫੈਲਾ ਰਹੇ ਸਨ।
ਇਸ ਸਬੰਧੀ ਡੀਸੀਪੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਆਪਣੇ ਨਿੱਜੀ ਸੋਸ਼ਲ ਮੀਡੀਆ ਖਾਤਿਆਂ ਤੋਂ ਗੁੰਮਰਾਹਕੁਨ ਵੀਡੀਓ ਸਾਂਝੇ ਕੀਤੇ ਸਨ। ਵੀਡੀਓਜ਼ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਲੁਧਿਆਣਾ ਪੁਲੀਸ ਦੇ ਸੋਸ਼ਲ ਮੀਡੀਆ ਸੈੱਲ ਨੇ ਜਾਂਚ ਸ਼ੁਰੂ ਕੀਤੀ ਜਿਸ ਨਾਲ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਸੈੱਲ ਸ਼ੱਕੀਆਂ ਦੇ ਸੋਸ਼ਲ ਮੀਡੀਆ ਪ੍ਰੋਫਾਈਲਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਵਾਧੂ ਉਲੰਘਣਾ ਜਾਂ ਸਬੰਧਿਤ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕੇ।
ਡੀਸੀਪੀ ਨੇ ਲੋਕਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਜਾਅਲੀ ਵੀਡੀਓ ਅਤੇ ਗੁੰਮਰਾਹਕੁਨ ਸਮੱਗਰੀ ਦੇ ਹੋਰ ਰੂਪਾਂ ਨੂੰ ਬਣਾਉਣ, ਸਾਂਝਾ ਕਰਨ ਜਾਂ ਪ੍ਰਚਾਰ ਕਰਨ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਜਨਤਕ ਵਿਵਸਥਾ ਨੂੰ ਭੰਗ ਕਰਦੀਆਂ ਹਨ ਬਲਕਿ ਸੁਰੱਖਿਆ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨੂੰ ਵੀ ਕਮਜ਼ੋਰ ਕਰਦੀਆਂ ਹਨ। ਡੀਸੀਪੀ ਰੁਪਿੰਦਰ ਸਿੰਘ ਨੇ ਕਿਹਾ ਕਿ ਗਲਤ ਜਾਣਕਾਰੀ ਫ਼ੈਲਾਉਣਾ ਇੱਕ ਗੰਭੀਰ ਅਪਰਾਧ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਲੁਧਿਆਣਾ ਪੁਲੀਸ ਦੀ ਸੋਸ਼ਲ ਮੀਡੀਆ ਦੀ ਦੁਰਵਰਤੋਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਜ਼ਿੰਮੇਵਾਰ ਆਨਲਾਈਨ ਵਿਵਹਾਰ ਨੂੰ ਉਤਸ਼ਾਹਿਤ ਕਰਨ ਲਈ ਡੀਸੀਪੀ ਨੇ ਨਾਗਰਿਕਾਂ ਨੂੰ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਇਸਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਉਨ੍ਹਾਂ ਨੂੰ ਭਰੋਸੇਯੋਗ ਅਤੇ ਅਧਿਕਾਰਤ ਸਰੋਤਾਂ ’ਤੇ ਭਰੋਸਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਆਨਲਾਈਨ ਪਲੇਟਫਾਰਮਾਂ ਦੀ ਨਿਗਰਾਨੀ ਅਤੇ ਗਲਤ ਜਾਣਕਾਰੀ ਦਾ ਮੁਕਾਬਲਾ ਕਰਨ ਵਿੱਚ ਲੁਧਿਆਣਾ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਅਤੇ ਸੋਸ਼ਲ ਮੀਡੀਆ ਸੈੱਲ ਦੀ ਸਰਗਰਮ ਭੂਮਿਕਾ ’ਤੇ ਵੀ ਚਾਨਣਾ ਪਾਇਆ। ਤੁਰੰਤ ਸਹਾਇਤਾ ਲਈ ਜਾਂ ਸ਼ੱਕੀ ਸਮੱਗਰੀ ਦੀ ਰਿਪੋਰਟ ਕਰਨ ਲਈ ਡੀ.ਸੀ.ਪੀ ਨੇ ਹੈਲਪਲਾਈਨ ਨੰਬਰ 78370-18500 ਜਾਂ ਐਮਰਜੈਂਸੀ ਨੰਬਰ 112 ’ਤੇ ਸੰਪਰਕ ਕਰਨ ਲਈ ਕਿਹਾ।

Advertisement

ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ

ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀ.ਪੀ.ਆਰ.ਓ) ਲੁਧਿਆਣਾ ਪੁਨੀਤ ਪਾਲ ਸਿੰਘ ਗਿੱਲ ਨੇ ਲੋਕਾਂ ਨੂੰ ਕਾਨੂੰਨੀ ਕਾਰਵਾਈ ਤੋਂ ਬੱਚਣ ਲਈ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਹੀ ਅਤੇ ਪ੍ਰਮਾਣਿਤ ਅਪਡੇਟਾਂ ਲਈ ਡਿਪਟੀ ਕਮਿਸ਼ਨਰ (ਡੀ.ਸੀ) ਲੁਧਿਆਣਾ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ (ਡੀ.ਪੀ.ਆਰ.ਓ.) ਦੇ ਫੇਸਬੁੱਕ, ਇੰਸਟਾਗ੍ਰਾਮ ਅਤੇ ਐਕਸ ਵਰਗੇ ਪਲੇਟਫਾਰਮਾਂ ’ਤੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਜਾਣਕਾਰੀ ਦੀ ਕਰਾਸ-ਚੈਕਿੰਗ ਕਰਨ ਦੀ ਸਿਫਾਰਸ਼ ਕੀਤੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ (0161-2403100), ਪੁਲੀਸ ਕਮਿਸ਼ਨਰੇਟ ਲੁਧਿਆਣਾ (78370-18500), ਲੁਧਿਆਣਾ (ਦਿਹਾਤੀ) ਪੁਲੀਸ (8556019100), ਖੰਨਾ ਪੁਲੀਸ (9592914053) ਜਾਂ ਐਮਰਜੈਂਸੀ 112 ਦੇ ਕੰਟਰੋਲ ਰੂਮ ਨੰਬਰਾਂ ’ਤੇ ਕਾਲ ਕਰਕੇ ਬਲੈਕਆਊਟ, ਵੀਡੀਓ ਆਦਿ ਸੰਬੰਧੀ ਕਿਸੇ ਵੀ ਜਾਣਕਾਰੀ ਦੀ ਜਾਂਚ ਵੀ ਕਰ ਸਕਦੇ ਹਨ।

Advertisement

Advertisement