ਜਿੱਤ ਮਗਰੋਂ ਅਰੋੜਾ ਮੰਤਰੀ ਬਣਨਗੇ: ਬਲਜਿੰਦਰ ਕੌਰ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੂਨ
ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਵੀਰਵਾਰ ਨੂੰ ਰਾਜ ਸਭਾ ਮੈਂਬਰ ਤੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕ-ਪੱਖੀ ਅਤੇ ਉਦਯੋਗ ਪੱਖੀ ਦੱਸਿਆ। ਉਨ੍ਹਾਂ ਜ਼ਿਕਰ ਕੀਤਾ ਕਿ ਉਹ ਪਿਛਲੇ ਦਸ ਦਿਨਾਂ ਤੋਂ ਲੁਧਿਆਣਾ (ਪੱਛਮੀ) ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਅਰੋੜਾ ਬਾਰੇ ਬਹੁਤ ਸਕਾਰਾਤਮਕ ਫੀਡਬੈਕ ਮਿਲਿਆ ਹੈ। ਇੱਥੇ ਲੋਕ ਕਹਿੰਦੇ ਹਨ ਕਿ ਅਰੋੜਾ ਇੱਕ ਜ਼ਮੀਨੀ ਪੱਧਰ ਦੇ, ਇਮਾਨਦਾਰ ਅਤੇ ਸਮਰਪਿਤ ਨੇਤਾ ਹਨ। ਉਹ ਸਭ ਤੋਂ ਯੋਗ ਉਮੀਦਵਾਰ ਹਨ।
ਸਵਰਗੀ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਯੋਗਦਾਨ ਨੂੰ ਯਾਦ ਕਰਦਿਆਂ, ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦਾ ਦਿਲੋਂ ਸਮਰਥਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਵਕਤੀ ਦੇਹਾਂਤ ਤੋਂ ਬਾਅਦ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੇ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਚੁਣਿਆ। ਉਨ੍ਹਾਂ ਮੈਨੂੰ ਵਿਸ਼ਵਾਸ ਹੈ ਕਿ ਵੋਟਰ ਅਰੋੜਾ ਨੂੰ ਵੀ ਉਹੀ ਸਮਰਥਨ ਦੇਣਗੇ, ਜਿਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਰੋੜਾ ਨੂੰ ਉਨ੍ਹਾਂ ਦੀ ਉਮੀਦ ਕੀਤੀ ਗਈ ਭਾਰੀ ਜਿੱਤ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਕੀਤਾ ਜਾਵੇਗਾ। ਵੋਟਰਾਂ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਨੇ ਹਲਕੇ ਦੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਰੋੜਾ ਨੂੰ ਵੱਡੀ ਗਿਣਤੀ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ।
ਆਪਣੇ ਸੰਬੋਧਨ ਵਿੱਚ ਸੰਜੀਵ ਅਰੋੜਾ ਨੇ ਆਪਣਾ ਤਿੰਨ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਲੁਧਿਆਣਾ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਵੱਖ-ਵੱਖ ਨਾਗਰਿਕ ਕੰਮਾਂ ਨੂੰ ਸੂਚੀਬੱਧ ਕੀਤਾ। ਉਨ੍ਹਾਂ ਨੇ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਰੁਜ਼ਗਾਰ ਵਿੱਚ ਰਾਜ ਸਰਕਾਰ ਕਾਰਗੁਜਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਕਾਰਾਤਮਕ ਤਬਦੀਲੀਆਂ ਦੇਖ ਰਿਹਾ ਹੈ। ਵੋਟਰਾਂ ਨੂੰ ਵੱਡੇ ਪੱਧਰ ’ਤੇ ਵੋਟ ਪਾਉਣ ਦਾ ਸੱਦਾ ਦਿੰਦੇ ਹੋਏ, ਅਰੋੜਾ ਨੇ ਕਿਹਾ ਕਿ ਆਪਣੀ ਵੋਟ ਪਾਉਣ ਲਈ ਘੱਟੋ-ਘੱਟ ਦਸ ਮਿੰਟ ਕੱਢੋ।