ਜੀਤੀ ਪਡਿਆਲਾ ਵੱਲੋਂ ਰਾਜਾ ਵੜਿੰਗ ਨਾਲ ਮੁਲਾਕਾਤ
ਕੁਰਾਲੀ (ਮਿਹਰ ਸਿੰਘ): ਜ਼ਿਲ੍ਹਾ ਕਾਂਗਰਸ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਤਿਆਰੀ ਸਬੰਧੀ, ਪਾਰਟੀ ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਵਰਕਰਾਂ ਨੂੰ ਇੱਕਜੁਟ ਕਰਣ ਦੀ ਰਣਨੀਤੀ ’ਤੇ ਵਿਚਾਰ ਸਾਂਝੇ ਕੀਤੇ। ਜੀਤੀ ਪਡਿਆਲਾ ਨੇ ਰਾਜਾ ਵੜਿੰਗ ਨੂੰ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਸਰਗਮੀਆਂ ਅਤੇ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾ ਸਬੰਧੀ ਜਾਣੂ ਕਰਵਾਇਆ। ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਲਈ ਜ਼ਿਲ੍ਹਾ ਮੁਹਾਲੀ ਵਿੱਚ ਹੋ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ‘ਆਪ’ ਦੀਆਂ ਅਸਫ਼ਲਤਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਫੇਲ੍ਹ ਹੋਣ ਕਾਰਨ ਲੋਕ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਹਿੱਤਾਂ ‘ਤੇ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਿੰਦਰ ਸਿੰਘ ਗਿੱਲ ਬਡਾਲਾ, ਕਾਂਗਰਸੀ ਆਗੂ ਮਨੀਸ਼ ਗੌਤਮ ਮਾਜਰੀ ਅਤੇ ਰਮਣੀਕ ਦਾਸ ਵੀ ਹਾਜ਼ਰ ਸਨ।