ਜੀ-20 ਸੰਮੇਲਨ: ਤਿੰਨ ਮੰਤਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਫਰਵਰੀ
ਜੀ-20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦੇ ਸਮੇਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਕ ਜੁਆਇੰਟ ਐਕਸ਼ਨ ਕਮੇਟੀ ਬਣਾਈ ਜਾਵੇਗੀ ਜੋ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਏਗੀ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਦਰੁਸਤ ਕਰੇਗੀ। ਇਸ ਸਬੰਧੀ ਕੀਤੀ ਗਈ ਮੀਟਿੰਗ ਵਿਚ ਡਾ. ਨਿੱਝਰ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ । ਡਾ. ਨਿੱਝਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਵੀਂ ਸੋਚ, ਨਵੇਂ ਤਰੀਕੇ ਨਾਲ ਕੰਮ ਕਰੋ। ਪਹਿਲਾਂ ਵਾਂਗ ਕੰਮ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ ਕਿ ਜੀ 20 ਸਿਖਰ ਸੰਮੇਲਨ ਨੂੰ ਲੈ ਕੇ ਸ਼ਹਿਰ ਦੀ ਨੁਹਾਰ ਨੂੰ ਬਦਲਣਾ ਹੈ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣਾ ਹੈ। ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਲੈ ਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਪ੍ਰਸਾਸ਼ਨ, ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੀ ਇਕ ਜੁਆਇੰਟ ਐਕਸ਼ਨ ਕਮੇਟੀ ਬਣੇਗੀ, ਜੋ ਸ਼ਹਿਰ ਵਿਚੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਏਗੀ ਅਤੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਦਰੁਸਤ ਕਰੇਗੀ। ਉਨ੍ਹਾਂ ਕਿਹਾ ਕਿ ਬੀਆਰਟੀਐੱਸ ਦੀਆਂ ਗਰਿੱਲਾਂ ਜਿਥੇ ਵੀ ਟੁੱਟੀਆਂ ਹੋਈਆਂ ਹਨ , ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀਆਰਟੀਐੱਸ ਦੇ ਰੂਟ ਵਿੱਚ ਕੋਈ ਵੀ ਹੋਰ ਵਾਹਨ ਨਾ ਚੱਲੇ। ਬੀਆਰਟੀਐੱਸ ਲੈਣ ਵਿਚ ਟਰੈਫਿਕ ਨੂੰ ਕੰਟਰੋਲ ਕਰਨ ਲਈ ਬੂਮ ਬੈਰੀਅਰ ਵੀ ਲਗਾਏ ਜਾਣ। ਹਰਭਜਨ ਸਿੰਘ ਈਟੀਓ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰੀਨ ਬੈਲਟ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ ਜਾਵੇ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜੀ 20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟਾਂ ਤੇ ਬਿਜਲੀ ਦੀਆਂ ਤਾਰਾਂ ਨੂੰ ਠੀਕ ਕੀਤਾ ਜਾਵੇ ਅਤੇ ਨਵੇਂ ਪੋਲ ਵੀ ਲਗਾਏ ਜਾਣ ਤਾਂ ਜੋ ਬਿਜਲੀ ਦੀਆਂ ਤਾਰਾਂ ਦੇ ਜਾਲ ਤੋ ਛੁਟਕਾਰਾ ਮਿਲ ਸਕੇ। ਜਿਥੇ ਵੀ ਟਰੈਫਿਕ ਸਿਗਨਲ ਖਰਾਬ ਹਨ, ਨੂੰ ਠੀਕ ਕੀਤਾ ਜਾਵੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 28 ਫਰਵਰੀ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣੇ ਚਾਹੀਦੇ ਹਨ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀਸੀ ਹਰਪ੍ਰੀਤ ਸਿੰਘ ਸੂਦਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਮੁੱਖ ਪ੍ਰਸਾਸ਼ਕ ਪੁੱਡਾ ਰਜ਼ਤ ਓਬਰਾਏ ਹਾਜ਼ਰ ਸਨ।