ਜੋੜ ਮੇਲ: ਮਾਛੀਵਾੜਾ ਸਾਹਿਬ ’ਚ ਵੱਡੀ ਗਿਣਤੀ ਸੰਗਤ ਨਤਮਸਤਕ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 23 ਦਸੰਬਰ
ਗੁਰੂ ਗੋਬਿੰਦ ਸਿੰਘ ਦੀ ਯਾਦ ਨੂੰ ਸਮਰਪਿਤ ਮਾਛੀਵਾੜਾ ਸਾਹਿਬ ਜੋੜ ਮੇਲ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤ ਦਾ ਇਕੱਠ ਜੁੜਿਆ। ਹਲਕੇ ਮੀਂਹ ਦੇ ਬਾਵਜੂਦ ਸੰਗਤ ਦੇ ਉਤਸ਼ਾਹ ਵਿੱਚ ਅੱਜ ਕੋਈ ਕਮੀ ਦਿਖਾਈ ਨਾ ਦਿੱਤੀ। ਅੱਜ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਦੀਵਾਨ ਹਾਲ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੋਂ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਦਾ ਇਤਿਹਾਸ ਸੁਣਿਆ।
ਦੀਵਾਨ ਹਾਲ ਵਿੱਚ ਕੋਈ ਸਿਆਸੀ ਕਾਨਫਰੰਸ ਨਾ ਹੋਈ ਬਲਕਿ ਸਾਰਾ ਦਿਨ ਗੁਰਬਾਣੀ ਦਾ ਪ੍ਰਵਾਹ ਚੱਲਿਆ ਜੋ ਕਿ 24 ਦਸੰਬਰ ਤੱਕ ਜਾਰੀ ਰਹੇਗਾ। 24 ਨੂੰ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਨੂੰ ਦਰਸ਼ਨ ਦਿੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ। ਜੋੜ ਮੇਲ ਸਬੰਧੀ ਵੱਖ ਵੱਖ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਦੇ ਪਿੰਡਾਂ ਵੱਲੋਂ ਵੀ ਲੰਗਰ ਲਗਾਏ ਗਏ। ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੰਗਰ ਬੜੇ ਹੀ ਸਾਦੇ ਵਰਤਾਏ ਗਏ।
ਜੋੜ ਮੇਲ ਦੇ ਮੱਦੇਨਜ਼ਰ ਪੁਲੀਸ ਜ਼ਿਲ੍ਹਾ ਖੰਨਾ ਦੇ ਅੱਜ ਐੱਸਐੱਸਪੀ ਅਸ਼ਵਨੀ ਗੋਟਿਆਲ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸਐੱਸਪੀ ਖੰਨਾ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੱਸਿਆ ਕਿ ਜੋੜ ਮੇਲ ’ਤੇ ਪੁੱਜ ਰਹੀ ਸੰਗਤ ਨੂੰ ਟਰੈਫਿਕ ਦੀ ਸਮੱਸਿਆ ਨਾ ਆਵੇ ਇਸ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਹੈ ਤੇ 5 ਪਾਰਕਿੰਗ ਜ਼ੋਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰ ਕੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।
ਦਸਤਾਰ ਸਿਖਲਾਈ ਕੈਂਪ ਲਾਇਆ
ਇਤਿਹਾਸਕ ਜੋੜ ਮੇਲ ਦੇ ਦੂਜੇ ਦਿਨ ਅੱਜ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਏ ਗਏ। ਯੂਥ ਕਲੱਬ ਮਾਛੀਵਾੜਾ ਸਾਹਿਬ ਵੱਲੋਂ ਨੌਜਵਾਨਾਂ ਤੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਗਈ ਤੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਚਾਰਟ ਬਣਵਾਏ ਅਤੇ ਮਾਂ ਭਾਸ਼ਾ ਪੰਜਾਬੀ ਨਾਲ ਜੋੜਨ ਲਈ ਉਤਸ਼ਾਹਿਤ ਕੀਤਾ। ਹੋਣਹਾਰ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਸਿਮਰਦੀਪ ਸਿੰਘ ਲਾਲੀ ਨੇ ਦੱਸਿਆ ਕਿ ਯੂਥ ਕਲੱਬ ਵਲੋਂ ਲਗਾਏ ਇਸ 8ਵੇਂ ਸਾਲਾਨਾ ਦਸਤਾਰ ਸਿਖਲਾਈ ਕੈਂਪ ਵਿੱਚ ਰੋਜ਼ਾਨਾ 200 ਤੋਂ ਵੱਧ ਬੱਚੇ ਤੇ ਨੌਜਵਾਨ ਦਸਤਾਰਾਂ ਸਿੱਖਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਤੇ ਨੌਜਵਾਨਾਂ ਵਿਚ ਦਸਤਾਰਾਂ ਸਜਾਉਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਕਿਉਂਕਿ ਦਸਤਾਰ ਸਾਡੀ ਸ਼ਾਨ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਨੋਤਰੀ ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ ਜਾਂਦੇ ਹਨ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜ ਸਕਣ। ਬੱਚਿਆਂ ਨੂੰ ਮੁਫ਼ਤ ਦਸਤਾਰਾਂ ਵੀ ਵੰਡੀਆਂ ਤਾਂ ਜੋ ਉਹ ਆਪਣੇ ਸਿਰਾਂ ’ਤੇ ਸਜਾ ਸਕਣ।