ਜੌੜਾਮਾਜਰਾ ਦੇ ਵਤੀਰੇ ਦੀ ਨਿਖੇਧੀ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 8 ਅਪਰੈਲ
ਸਾਬਕਾ ਸਿਹਤ ਮੰਤਰੀ ਅਤੇ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਅਧਿਆਪਕਾਂ ਪ੍ਰਤੀ ਵਤੀਰੇ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ। ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਐੱਸਸੀ/ਬੀਸੀ ਅਧਿਆਪਕ ਯੂਨੀਅਨ ਨੇ ਵੀ ਸਮਾਣਾ ਸਕੂਲ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ‘ਆਪ’ ਵਿਧਾਇਕ ਨੂੰ ਅਧਿਆਪਕਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੌੜਾਮਾਜਰਾ ਦੇ ਗੈਰ-ਜ਼ਿੰਮੇਵਾਰਾਨਾ ਸ਼ਬਦਾਵਲੀ ਨਾਲ ਅਧਿਆਪਕਾਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਸਬੰਧੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੁਅਲ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਪ੍ਰੈਸ ਸਕੱਤਰ ਐਨਡੀ ਤਿਵਾੜੀ ਨੇ ਦੱਸਿਆ ਕਿ ਜਥੇਬੰਦੀ ਨੇ ‘ਆਪ’ ਵਿਧਾਇਕ ਦੇ ਵਤੀਰੇ ਦਾ ਸਖ਼ਤ ਨੋਟਿਸ ਲੈਂਦਿਆਂ ਭਲਕੇ 9 ਅਪਰੈਲ ਅਤੇ 11 ਅਪਰੈਲ ਨੂੰ ਸਿੱਖਿਆ ਮੰਤਰੀ ਅਤੇ ਜੌੜਾਮਾਜਰਾ ਵਿਰੁੱਧ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕਰਨ ਦਾ ਸੱਦਾ ਦਿੱਤਾ ਹੈ।
ਅਧਿਆਪਕਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ: ਕੁਲਜੀਤ ਬੇਦੀ
ਐੱਸਏਐੱਸ ਨਗਰ (ਮੁਹਾਲੀ): ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਂ ’ਤੇ ਕਰਵਾਏ ਗਏ ਸਮਾਗਮ ਦੌਰਾਨ ਅਧਿਆਪਕਾਂ ਦੇ ਕੀਤੇ ਅਪਮਾਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਜੋ ਅਧਿਆਪਕ ਰੋਜ਼ਾਨਾ ਮਿਹਨਤ ਕਰਕੇ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਹੀ ਰਸਤਾ ਦਿਖਾ ਰਹੇ ਹਨ ਅਤੇ ਉਨ੍ਹਾਂ ਦਾ ਭਵਿੱਖ ਰੋਸ਼ਨ ਕਰਨ ਕਰ ਰਹੇ ਹਨ, ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗੀ ਗੱਲ ਹੈ। ਉਨ੍ਹਾਂ ਜੌੜਾਮਾਜਰਾ ਨੂੰ ਪਾਰਟੀ ’ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।