ਜੰਮੂ-ਕਸ਼ਮੀਰ ਤੇ ਹਰਿਆਣਾ ’ਚ ਬਣੇਗੀ ਭਾਜਪਾ ਦੀ ਸਰਕਾਰ: ਮੇਘਵਾਲ
ਪੱਤਰ ਪ੍ਰੇਰਕ
ਯਮੁਨਾਨਗਰ, 10 ਸਤੰਬਰ
ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਕਹਿਣਾ ਹੈ ਕਿ ਜੰਮੂ-ਕਸ਼ਮੀਰ ਵਿੱਚ ਧਾਰਾ-370 ਹਟਾਏ ਜਾਣ ਤੋਂ ਬਾਅਦ ਤਿਰੰਗੇ ਝੰਡੇ ਹੇਠ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਭਾਜਪਾ ਦਾ ਪ੍ਰਦਰਸ਼ਨ ਬਹੁਤ ਵਧੀਆ ਰਹੇਗਾ ਅਤੇ ਉਥੇ ਭਾਜਪਾ ਦੀ ਸਰਕਾਰ ਬਣੇਗੀ। ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵਿਕਾਸ, ਸੁਸ਼ਾਸਨ, ਬਿਨਾਂ ਖਰਚੇ ਪਰਚੀ ਦੇ ਰੁਜ਼ਗਾਰ ਵਰਗੇ ਅਹਿਮ ਮੁੱਦਿਆਂ ’ਤੇ ਤੀਜੀ ਵਾਰ ਸਰਕਾਰ ਬਣਨ ਜਾ ਰਹੀ ਹੈ। ਭਾਰਤੀ ਨਿਆਂ ਕਾਨੂੰਨ ਨੂੰ ਲਾਗੂ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੇਘਵਾਲ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਨੇ ਨਾਗਰਿਕਾਂ ਨੂੰ ਸਜ਼ਾ ਦੇਣ ਲਈ ਭਾਰਤੀ ਦੰਡ ਵਿਧਾਨ ਬਣਾਇਆ ਸੀ ਪਰ ਨਰਿੰਦਰ ਮੋਦੀ ਸਰਕਾਰ ਨੇ ਲੋਕਾਂ ਨੂੰ ਇਨਸਾਫ਼ ਦੇਣ ਲਈ ਭਾਰਤੀ ਨਿਆਂਇਕ ਕਾਨੂੰਨ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਬਹੁਤ ਬਦਲਾਅ ਕੀਤੇ ਗਏ ਹਨ, ਹੁਣ ਜਾਂਚ ਅਤੇ ਫੈਸਲਾ ਦੇਣ ਲਈ ਸਮਾਂ ਸੀਮਾ ਤੈਅ ਕੀਤੀ ਗਈ ਹੈ। ਵੀਡਿਓ ਕਾਨਫਰੰਸ ਰਾਹੀਂ ਸੁਣਵਾਈ ਦਾ ਪ੍ਰਬੰਧ ਕੀਤਾ ਗਿਆ ਹੈ। ਕਾਨੂੰਨ ਮੰਤਰੀ ਨੇ ਕਿਹਾ ਕਿ ਕਾਂਗਰਸ ਸਿਰਫ 99 ਸੀਟਾਂ ਹੀ ਹਾਸਲ ਕਰ ਸਕੀ ਹੈ, ਉਹ ਭਾਜਪਾ ’ਤੇ ਸੰਵਿਧਾਨ ਨੂੰ ਖਤਮ ਕਰਨ ਦਾ ਦੋਸ਼ ਲਗਾ ਰਹੀ ਹੈ ਪਰ ਇਸ ਦੇ ਬਾਵਜੂਦ ਤੀਜੀ ਵਾਰ ਮੋਦੀ ਦੀ ਸਰਕਾਰ ਬਣੀ ਤਾਂ ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਸਮਝਦੇ ਹਨ। ਕਾਨੂੰਨ ਮੰਤਰੀ ਯਮੁਨਾਨਗਰ ਵਿੱਚ ਭਾਜਪਾ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਆਏ ਸਨ।