ਜੰਮੂ ਕਸ਼ਮੀਰ ਦਾ ਦਰਜਾ
ਜੰਮੂ ਕਸ਼ਮੀਰ ਵਿੱਚ ਜ਼ੈੱਡ ਮੋੜ ਸੁਰੰਗ ਜਿਸ ਨੂੰ ਹੁਣ ਸੋਨਮਰਗ ਸੁਰੰਗ ਦਾ ਨਾਂ ਦਿੱਤਾ ਗਿਆ ਹੈ, ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਟਿੱਪਣੀ ਨੇ ਰਾਜ ਦਾ ਦਰਜਾ ਬਹਾਲ ਕਰਨ ਦੀਆਂ ਆਸਾਂ ਮੁੜ ਜਗਾ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਸ ਮੌਕੇ ਜੰਮੂ ਕਸ਼ਮੀਰ ਦਾ ਦਰਜਾ ਬਹਾਲੀ ਦਾ ਜ਼ਿਕਰ ਕੀਤੇ ਬਗ਼ੈਰ ਆਖਿਆ, “ਤੁਹਾਨੂੰ ਇਹ ਯਕੀਨ ਕਰਨਾ ਪਵੇਗਾ ਕਿ ਇਹ ਮੋਦੀ ਹੈ ਅਤੇ ਉਹ ਆਪਣੇ ਵਾਅਦੇ ਪੂਰੇ ਕਰਦਾ ਹੈ। ਹਰੇਕ ਚੀਜ਼ ਦਾ ਸਹੀ ਸਮਾਂ ਹੁੰਦਾ ਹੈ ਅਤੇ ਸਹੀ ਸਮੇਂ ’ਤੇ ਸਹੀ ਚੀਜ਼ਾਂ ਹੋਇਆ ਕਰਦੀਆਂ ਹਨ।” ਇਸ ਤੋਂ ਪਹਿਲਾਂ ਉੱਥੋਂ ਦੇ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਰਵੀਂ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਚੇਤੇ ਕਰਾਇਆ- “ਜਦੋਂ ਤੁਸੀਂ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀਨਗਰ ਆਏ ਸੀ ਤਾਂ ਤੁਸੀਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਤਿੰਨ ਵਾਅਦੇ ਕੀਤੇ ਸਨ... ਮੇਰਾ ਦਿਲ ਕਹਿੰਦਾ ਹੈ ਕਿ ਬਹੁਤ ਜਲਦੀ ਤੁਸੀਂ ਜੰਮੂ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਵੀ ਪੂਰਾ ਕਰੋਗੇ।”
ਜੰਮੂ ਕਸ਼ਮੀਰ ਵਿੱਚ ਪਿਛਲੇ ਸਾਲ 18 ਸਤੰਬਰ ਤੋਂ ਪਹਿਲੀ ਅਕਤੂਬਰ ਤੱਕ ਤਿੰਨ ਗੇੜਾਂ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ ਜਿਨ੍ਹਾਂ ਵਿੱਚ ਨੈਸ਼ਨਲ ਕਾਨਫ਼ਰੰਸ ਦੀ ਅਗਵਾਈ ਹੇਠਲੇ ਗੱਠਜੋੜ ਨੇ 49 ਸੀਟਾਂ ਜਿੱਤ ਕੇ ਉਮਰ ਅਬਦੁੱਲ੍ਹਾ ਦੀ ਅਗਵਾਈ ਹੇਠ ਸਰਕਾਰ ਬਣਾਈ ਸੀ। ਚੋਣਾਂ ਹੋਣ ਦੇ ਬਾਵਜੂਦ ਅਜੇ ਵੀ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ (ਯੂਟੀ) ਇਕਾਈ ਹੈ ਜਿਸ ਵਿੱਚ ਪ੍ਰਸ਼ਾਸਨ ਦੀ ਵਾਗਡੋਰ ਉਪ ਰਾਜਪਾਲ ਮਨੋਜ ਸਿਨਹਾ ਦੇ ਹੱਥ ਵਿੱਚ ਹੈ। ਨੈਸ਼ਨਲ ਕਾਨਫਰੰਸ ਨੇ ਰਾਜ ਦਾ ਦਰਜਾ ਬਹਾਲ ਕਰਾਉਣ ਦੇ ਮੁੱਦੇ ਨੂੰ ਆਪਣਾ ਮੁੱਖ ਚੁਣਾਵੀ ਵਾਅਦਾ ਬਣਾਇਆ ਸੀ ਅਤੇ ਮੁੱਖ ਮੰਤਰੀ ਵੱਲੋਂ ਲਗਾਤਾਰ ਇਸ ਨੂੰ ਉਠਾਇਆ ਵੀ ਜਾ ਰਿਹਾ ਹੈ। ਜੰਮੂ ਕਸ਼ਮੀਰ ਵਿੱਚ ਚੋਣਾਂ ਕਰਾਉਣ ਅਤੇ ਰਾਜ ਦਾ ਦਰਜਾ ਬਹਾਲ ਕਰਨ ਬਾਰੇ ਆਦੇਸ਼ ਸੰਵਿਧਾਨ ਦੀ ਧਾਰਾ 370 ਅਤੇ 35ਏ ਬਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਾਇਰ ਅਰਜ਼ੀਆਂ ਉਪਰ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਦਿਆਂ ਦਿੱਤੇ ਗਏ ਸਨ।
ਬਿਨਾਂ ਸ਼ੱਕ ਪਿਛਲੇ ਕੁਝ ਸਾਲਾਂ ਵਿੱਚ ਜੰਮੂ ਕਸ਼ਮੀਰ ਵਿੱਚ ਵਿਕਾਸ ਦੇ ਕਈ ਵੱਡੇ ਪ੍ਰਾਜੈਕਟ ਨੇਪਰੇ ਚਾੜ੍ਹੇ ਗਏ ਹਨ ਜਿਨ੍ਹਾਂ ਨਾਲ ਸੂਬੇ ਦੇ ਆਰਥਿਕ ਵਿਕਾਸ ਦੀ ਗਤੀ ਨੂੰ ਹੁਲਾਰਾ ਮਿਲੇਗਾ। ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨੇ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕੀਤਾ ਸੀ ਅਤੇ ਆਸ ਹੈ ਕਿ ਜਲਦੀ ਹੀ ਕਸ਼ਮੀਰ ਨਾਲ ਸਿੱਧੀ ਰੇਲ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ ਪਰ ਇਨ੍ਹਾਂ ਤੱਥਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਜੰਮੂ ਕਸ਼ਮੀਰ ਵਿੱਚ ਦਹਿਸ਼ਤਗਰਦ ਹਮਲੇ ਅਜੇ ਵੀ ਜਾਰੀ ਹਨ ਅਤੇ ਕਸ਼ਮੀਰ ਵਾਦੀ ਦੇ ਕਈ ਜ਼ਿਲ੍ਹਿਆਂ ਦੇ ਹਾਲਾਤ ਨੂੰ ਅਜੇ ਵੀ ਨਾਰਮਲ ਨਹੀਂ ਕਿਹਾ ਜਾ ਸਕਦਾ। ਜੰਮੂ ਕਸ਼ਮੀਰ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਅਤੇ ਹੋਰਨਾਂ ਸਹੂਲਤਾਂ ਦੀ ਲੋੜ ਹੈ ਪਰ ਉਨ੍ਹਾਂ ਦੀ ਪਹਿਲੀ ਮੰਗ ਉੱਥੇ ਅਮਨ ਅਮਾਨ ਦੀ ਬਹਾਲੀ ਹੈ। ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਦਾ ਦਰਜਾ ਬਹਾਲ ਕਰਨ ਦੀ ਪ੍ਰਕਿਰਿਆ ਫੌਰੀ ਸ਼ੁਰੂ ਕਰਨ ਦੀ ਲੋੜ ਹੈ ਕਿਉਂਕਿ ਉੱਥੋਂ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਸ਼ਾਸਨ ਦੀ ਵਾਗਡੋਰ ਸੰਭਾਲਣ ਦਾ ਫ਼ਤਵਾ ਦਿੱਤਾ ਗਿਆ ਸੀ ਜਿਸ ਦਾ ਸਭ ਨੂੰ ਸਤਿਕਾਰ ਕਰਨ ਦੀ ਲੋੜ ਹੈ।