ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸਮਾਗਮ
ਖੇਤਰੀ ਪ੍ਰਤੀਨਿਧ
ਬਟਾਲਾ, 8 ਮਈ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸਥਾਨਕ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਵਦੀਕ ਡੀਸੀ ਡਾ. ਨਿਧੀ ਕੁਮੁਦ ਬਾਮਬਾ, ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ, ਟਰੱਸਟ ਬਟਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ ਆਦਿ ਮੌਜੂਦ ਸਨ।
ਇਸ ਮੌਕੇ ਸ੍ਰੀ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਮੁਗਲ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਸੀ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਦੇ ਵਿਕਾਸ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਫਗਵਾੜਾ (ਪੱਤਰ ਪ੍ਰੇਰਕ): ਜੱਸਾ ਸਿੰਘ ਰਾਮਗੜ੍ਹੀਆ ਜਨਮ ਸ਼ਤਾਬਦੀ ਸਬੰਧੀ ਸਮਾਗਮ ਗੁਰਦੁਆਰਾ ਰਾਮਗੜ੍ਹੀਆ ਵਿੱਚ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਜਥੇ ਭਾਈ ਮਨਜੀਤ ਸਿੰਘ, ਢਾਡੀ ਭਾਈ ਗੁਰਦੀਪ ਸਿੰਘ ਉੜਾਪੜ, ਪ੍ਰੋ. ਇੰਦਰਜੀਤ ਸਿੰਘ ਵਾਸੂ ਨੇ ਉਨ੍ਹਾਂ ਦੀ ਜੀਵਨੀ ਤੇ ਇਤਿਹਾਸ ‘ਤੇ ਚਾਨਣਾ ਪਾਇਆ।
ਤਰਨ ਤਾਰਨ (ਪੱਤਰ ਪ੍ਰੇਰਕ): ਤਰਨ ਤਾਰਨ ਦੀ ਰਾਮਗੜ੍ਹੀਆ ਸਿੰਘ ਸਭਾ ਅਤੇ ਰਾਮਗੜ੍ਹੀਆ ਬੰਗਾ ਕਮੇਟੀ ਵੱਲੋਂ ਅੱਜ ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਮਨਾਇਆ ਗਿਆ| ਇੱਥੋਂ ਦੇ ਰਾਮਗੜ੍ਹੀਆ ਬੁੰਗਾ ਵਿੱਚ ਕਰਵਾਏ ਧਾਰਮਿਕ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ|