ਝਬਾਲ ਨੇੜੇ ਨਵਾਂ ਪਿੰਡ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ
ਗੁਰਬਖਸ਼ਪੁਰੀ
ਤਰਨ ਤਾਰਨ, 21 ਮਈ
ਝਬਾਲ ਇਲਾਕੇ ਦੇ ਨਵਾਂ ਪਿੰਡ, ਝਬਾਲ ਖੁਰਦ ’ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ|
ਨਵਾਂ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਜਿੰਦਰ ਸਿੰਘ, ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰ ਵੇਲੇ ਪਿੰਡ ਦੇ ਬਾਹਰਵਾਰ ਮੋਟਰ ’ਤੇ ਜਾਣ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕੇ ਦੇ ਅੰਗ ਖਿੱਲਰੇ ਪਏ ਦੇਖੇ| ਘਟਨਾ ਦੀ ਸੂਚਨਾ ਮਿਲਣ ’ਤੇ ਸੰਗਤ ਇਕੱਠੀ ਹੋ ਗਈ ਅਤੇ ਐੱਸਪੀ (ਇਨਵੈਸਟੀਗੇਸ਼ਨ) ਅਜੈਰਾਜ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਮੌਕੇ ’ਤੇ ਪਹੁੰਚੀ| ਸੰਗਤ ਨੇ ਗੁਟਕਾ ਸਾਹਿਬ ਦੇ ਅੰਗ ਇਕੱਤਰ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤੇ| ਘਟਨਾ ਕਾਰਨ ਸਿੱਖ ਸੰਗਤ ਦੇ ਮਨਾਂ ਅੰਦਰ ਰੋਸ ਹੈ ਅਤੇ ਉਨ੍ਹਾਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ|
ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੀਐੱਨਐੱਸ ਦੀ ਦਫ਼ਾ 299 ਅਧੀਨ ਕੇਸ ਦਰਜ ਕੀਤਾ ਗਿਆ ਹੈ|
ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤੀ ਗਈ ਲੱਗਦੀ ਹੈ, ਜੋ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਮਗਰੋਂ ਫਰਾਰ ਹੋ ਗਏ| ਐੱਸਪੀ (ਇਨਵੈਸਟੀਗੇਸ਼ਨ) ਅਜੈਰਾਜ ਸਿੰਘ ਨੇ ਕਿਹਾ ਕਿ ਪਿੰਡ ਦੇ ਪਤਵੰਤਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ| ਪੁਲੀਸ ਨੇ ਗੁਟਕਾ ਸਾਹਿਬ ਦੇ ਅੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸੌੰਪ ਦਿੱਤੇ ਹਨ|