ਝੂਠਾ ਪੁਲੀਸ ਮੁਕਾਬਲਾ: ਸਾਬਕਾ ਐੱਸਐੱਚਓ ਸਣੇ ਤਿੰਨ ਥਾਣੇਦਾਰ ਦੋਸ਼ੀ ਕਰਾਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 23 ਦਸੰਬਰ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਤਰਨ ਤਾਰਨ ਦੇ ਸਿਟੀ ਥਾਣੇ ਦੇ ਤਤਕਾਲੀ ਐੱਸਐੱਚਓ ਗੁਰਬਚਨ ਸਿੰਘ, ਤਤਕਾਲੀ ਏਐੱਸਆਈ ਰੇਸ਼ਮ ਸਿੰਘ ਅਤੇ ਸਾਬਕਾ ਥਾਣੇਦਾਰ ਹੰਸਰਾਜ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੁਣਵਾਈ ਤੋਂ ਬਾਅਦ ਦੋਸ਼ੀ ਥਾਣੇਦਾਰਾਂ ਨੂੰ ਧਾਰਾ 302 ਅਤੇ 120ਬੀ ਤਹਿਤ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਤਿੰਨੋਂ ਦੋਸ਼ੀਆਂ ਨੂੰ ਭਲਕੇ ਮੰਗਲਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ’ਚ ਨਾਮਜ਼ਦ ਦੋਸ਼ੀ ਪੁਲੀਸ ਕਰਮਚਾਰੀ ਅਰਜੁਨ ਸਿੰਘ ਦੀ ਤਿੰਨ ਸਾਲ ਪਹਿਲਾਂ ਦਸੰਬਰ 2021 ਵਿੱਚ ਮੌਤ ਹੋ ਚੁੱਕੀ ਹੈ। ਦੋਸ਼ੀਆਂ ’ਤੇ ਦੋ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਸੀ। ਦੱਸਣਯੋਗ ਹੈ ਕਿ ਪੀੜਤ ਜਗਦੀਪ ਸਿੰਘ ਮੱਖਣ ਪੰਜਾਬ ਪੁਲੀਸ ਵਿੱਚ ਸਿਪਾਹੀ ਅਤੇ ਗੁਰਨਾਮ ਸਿੰਘ ਪਾਲੀ ਐੱਸਪੀਓ ਸੀ।
ਪੀੜਤ ਪਰਿਵਾਰ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਸਰਬਜੀਤ ਸਿੰਘ ਵੇਰਕਾ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਜਗਦੀਪ ਸਿੰਘ ਉਰਫ ਮੱਖਣ ਨੂੰ ਤਤਕਾਲੀ ਐੱਸਐੱਚਓ ਗੁਰਬਚਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ 18 ਨਵੰਬਰ 1992 ਵਿੱਚ ਘਰੋਂ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲੀਸ ਨੇ ਘਰ ਵਿੱਚ ਗੋਲੀ ਚਲਾਈ ਅਤੇ ਗੋਲੀ ਵੱਜਣ ਕਾਰਨ ਮੱਖਣ ਦੀ ਸੱਸ ਸ਼ਿਵੰਦਰ ਕੌਰ ਦੀ ਮੌਤ ਹੋ ਗਈ ਸੀ। ਇਸ ਤਰ੍ਹਾਂ ਉਕਤ ਪੁਲੀਸ ਟੀਮ ਨੇ ਤਿੰਨ ਦਿਨਾਂ ਬਾਅਦ 21 ਨਵੰਬਰ ਨੂੰ ਗੁਰਨਾਮ ਸਿੰਘ ਉਰਫ਼ ਪਾਲੀ ਨੂੰ ਘਰੋਂ ਚੁੱਕ ਲਿਆ ਸੀ। ਪਾਲੀ ਅਤੇ ਮੱਖਣ ਨੂੰ 30 ਨਵੰਬਰ 1992 ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਸੀ। ਪੁਲੀਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਸਕਾਰ ਵੀ ਖੁਦ ਹੀ ਕਰ ਦਿੱਤਾ ਸੀ।
ਮੁੱਢਲੀ ਜਾਂਚ ਤੋਂ ਬਾਅਦ ਸੀਬੀਆਈ ਨੇ 27 ਫਰਵਰੀ 1997 ਨੂੰ ਸਾਬਕਾ ਐੱਸਐੱਚਓ ਗੁਰਬਚਨ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਸੀ। ਇਸ ਮਾਮਲੇ ਤੋਂ ਉਦੋਂ ਪਰਦਾ ਉੱਠਿਆ ਜਦੋਂ ਸੁਪਰੀਮ ਕੋਰਟ ਵੱਲੋਂ ਅਣਪਛਾਤੀਆਂ ਲਾਸ਼ਾਂ ਦੱਸ ਕੇ ਸਸਕਾਰ ਕਰਨ ਦੇ ਮਮਾਲੇ ਵਿੱਚ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ।