ਝੂਠਾ ਮੁਕਾਬਲਾ: ਦੋ ਸਾਬਕਾ ਐੱਸਐੱਚਓਜ਼ ਨੂੰ ਅੱਠ ਤੇ ਥਾਣੇਦਾਰ ਨੂੰ ਤਿੰਨ ਸਾਲ ਦੀ ਸਜ਼ਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 31 ਮਈ
ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਰਾਵਲਪਿੰਡੀ (ਕਪੂਰਥਲਾ) ਦੇ ਤਤਕਾਲੀ ਐੱਸਐੱਚਓ ਮਨਜੀਤ ਸਿੰਘ, ਉਸ ਸਮੇਂ ਦੇ ਫਗਵਾੜਾ ਸਿਟੀ ਥਾਣੇ ਦੇ ਐੱਸਐੱਚਓ ਗੁਰਮੇਜ ਸਿੰਘ ਅਤੇ ਥਾਣਾ ਰਾਵਲਪਿੰਡੀ ਦੇ ਤਤਕਾਲੀ ਏਐੱਸਆਈ ਕਰਮਜੀਤ ਸਿੰਘ ਨੂੰ ਦੋਸ਼ੀ ਮੰਨਦਿਆਂ ਸਜ਼ਾ ਅਤੇ ਜੁਰਮਾਨਾ ਲਾਇਆ ਹੈ। ਇਨ੍ਹਾਂ ਅਧਿਕਾਰੀਆਂ ’ਤੇ ਸਾਲ 1993 ਵਿੱਚ ਦੋ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ।
ਦੋਵੇਂ ਥਾਣਾ ਮੁਖੀਆਂ ਮਨਜੀਤ ਸਿੰਘ ਤੇ ਗੁਰਮੇਜ ਸਿੰਘ ਨੂੰ ਧਾਰਾ 364 ਵਿੱਚ 8-8 ਸਾਲ ਦੀ ਕੈਦ ਅਤੇ 50-50 ਹਜ਼ਾਰ ਰੁਪਏ ਜੁਰਮਾਨਾ, ਜਦਕਿ ਧਾਰਾ 120ਬੀ ਵਿੱਚ 5-5 ਸਾਲ ਦੀ ਕੈਦ ਤੇ 50-50 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ। ਇਸੇ ਤਰ੍ਹਾਂ ਏਐੱਸਆਈ ਕਰਮਜੀਤ ਸਿੰਘ ਨੂੰ ਧਾਰਾ 364 ਤੇ 120ਬੀ ਵਿੱਚ ਤਿੰਨ ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ। ਜਾਂਚ ਏਜੰਸੀ ਸੀਆਈਏ ਸਟਾਫ਼ ਦੇ ਮੁਲਾਜ਼ਮ ਕਸ਼ਮੀਰ ਸਿੰਘ ਅਤੇ ਹਰਜੀਤ ਸਿੰਘ ਖ਼ਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਰਕੇ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਗਿਆ। ਦੋਵੇਂ ਨੌਜਵਾਨਾਂ ਨੂੰ ਮਾਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੇ ਸੁਲਤਾਨਪੁਰ ਲੋਧੀ ਦੇ ਤਤਕਾਲੀ ਐੱਸਐੱਚਓ ਮੋਹਨ ਸਿੰਘ ਅਤੇ ਏਐੱਸਆਈ ਇਕਬਾਲ ਸਿੰਘ ਦੀ ਜਾਂਚ ਦੌਰਾਨ ਮੌਤ ਹੋ ਚੁੱਕੀ ਹੈ। ਪੀੜਤ ਪਰਿਵਾਰਾਂ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ ਨੱਤ ਅਤੇ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ 27 ਮਾਰਚ 1993 ਨੂੰ ਸਵੇਰੇ ਕਰੀਬ ਸਾਢੇ 8 ਵਜੇ ਥਾਣਾ ਰਾਵਲਪਿੰਡੀ, ਕਪੂਰਥਲਾ ਦੇ ਏਐੱਸਆਈ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪਲਵਿੰਦਰ ਸਿੰਘ ਉਰਫ਼ ਪੱਪੂ ਵਾਸੀ ਪਿੰਡ ਰਾਵਲਪਿੰਡੀ ਸਥਿਤ ਉਸ ਦੇ ਘਰੋਂ ਚੁੱਕਿਆ ਸੀ। ਉਸੇ ਦਿਨ ਇੱਕ ਹੋਰ ਵਿਅਕਤੀ ਬਲਬੀਰ ਸਿੰਘ ਵਾਸੀ ਪਿੰਡ ਢੱਡੇ, ਫਗਵਾੜਾ ਨੂੰ ਰਾਵਲਪਿੰਡੀ ਦੇ ਉਸ ਸਮੇਂ ਦੇ ਐੱਸਐੱਚਓ ਮਨਜੀਤ ਸਿੰਘ ਨੇ ਪਿੰਡੋਂ ਚੁੱਕਿਆ ਸੀ। ਉਨ੍ਹਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ। ਤਿੰਨ ਅਪਰੈਲ 1993 ਨੂੰ ਚੋਰੀ-ਡਕੈਤੀ ਦੇ ਮਾਮਲੇ ਵਿੱਚ ਫਗਵਾੜਾ ਸਿਟੀ ਪੁਲੀਸ ਨੇ ਦੋਵੇਂ ਨੌਜਵਾਨਾਂ ਦੀ ਗ੍ਰਿਫ਼ਤਾਰੀ ਪਾ ਲਈ। ਉਨ੍ਹਾਂ ਤੋਂ ਸਕੂਟਰ ਤੇ ਸੋਨੇ ਦੀ ਅੰਗੂਠੀ ਬਰਾਮਦ ਕੀਤੀ ਗਈ ਦਿਖਾਈ ਸੀ ਅਤੇ ਕੁਝ ਘੰਟਿਆਂ ਮਗਰੋਂ ਪਲਵਿੰਦਰ ਸਿੰਘ ਅਤੇ ਬਲਬੀਰ ਸਿੰਘ ਨੂੰ ਉਨ੍ਹਾਂ ਦੇ ਖ਼ੁਲਾਸੇ ਵਾਲੇ ਬਿਆਨਾਂ ਮੁਤਾਬਕ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਕਰਦੇ ਸਮੇਂ ਪੁਲੀਸ ਹਿਰਾਸਤ ’ਚੋਂ ਫ਼ਰਾਰ ਦਿਖਾਇਆ ਗਿਆ। ਇਸ ਸਬੰਧੀ 3 ਅਪਰੈਲ 1993 ਨੂੰ ਥਾਣਾ ਸਦਰ ਫਗਵਾੜਾ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ।
5 ਅਪਰੈਲ 1993 ਨੂੰ ਪਲਵਿੰਦਰ ਸਿੰਘ ਅਤੇ ਬਲਬੀਰ ਸਿੰਘ ਨੂੰ ਸੁਲਤਾਨਪੁਰ ਲੋਧੀ ਪੁਲੀਸ ਨਾਲ ਮੁਕਾਬਲੇ ਵਿੱਚ ਮਾਰੇ ਗਏ ਦਿਖਾਇਆ ਗਿਆ ਅਤੇ ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਪਰ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਾਂ ਨੂੰ ਨਹੀਂ ਦਿੱਤੀ ਗਈ ਅਤੇ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਪੁਲੀਸ ਨੇ ਅੰਤਿਮ ਸਸਕਾਰ ਵੀ ਖ਼ੁਦ ਹੀ ਕਰ ਦਿੱਤਾ ਸੀ।
ਪੀੜਤ ਪਰਿਵਾਰ ਅਦਾਲਤ ਦੇ ਫ਼ੈਸਲੇ ਤੋਂ ਅਸੰਤੁਸ਼ਟ
ਪੀੜਤ ਪਰਿਵਾਰਾਂ ਦੇ ਵਕੀਲਾਂ ਜਗਜੀਤ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ ਨੱਤ ਅਤੇ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਮੁਹਾਲੀ ਅਦਾਲਤ ਦੇ ਫ਼ੈਸਲੇ ਤੋਂ ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ। ਉਨ੍ਹਾਂ ਅਨੁਸਾਰ ਅਦਾਲਤ ਨੇ ਦੋਸ਼ੀਆਂ ਨੂੰ ਬਹੁਤ ਘੱਟ ਸਜ਼ਾ ਸੁਣਾਈ ਹੈ, ਜਦਕਿ ਅਪਰਾਧ ਬਹੁਤ ਵੱਡਾ ਹੈ। ਇਸ ਮਾਮਲੇ ਵਿੱਚ ਪੁਲੀਸ ਅਧਿਕਾਰੀ ਹਰਦਿਆਲ ਸਿੰਘ, ਨਿਰਮਲ ਸਿੰਘ, ਦਲਜੀਤ ਸਿੰਘ, ਜਿਨ੍ਹਾਂ ਨੂੰ ਪੁਲੀਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਵਜੋਂ ਦਿਖਾਇਆ ਗਿਆ ਸੀ, ਨੇ ਅਦਾਲਤ ਵਿੱਚ ਦੱਸਿਆ ਅਜਿਹਾ ਕੁਝ ਨਹੀਂ ਹੋਇਆ ਸੀ। ਉਨ੍ਹਾਂ ਨੇ ਕਦੇ ਵੀ ਕਿਸੇ ਮੁਕਾਬਲੇ ਵਿੱਚ ਹਿੱਸਾ ਨਹੀਂ ਲਿਆ।