ਝੋਨੇ ਦੀ ਲੁਆਈ ਲਈ 8 ਘੰਟੇ ਬਿਜਲੀ ਮਿਲੇਗੀ
ਆਤਿਸ਼ ਗੁਪਤਾ
ਚੰਡੀਗੜ੍ਹ, 19 ਮਈ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲੁਆਈ ਦੌਰਾਨ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਲਈ ਸੂਬੇ ਨੂੰ ਝੋਨੇ ਦੀ ਲੁਆਈ ਵਾਸਤੇ ਤਿੰਨ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਜੂਨ ਤੋਂ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਵਿੱਚ ਲੁਆਈ ਦੀ ਆਗਿਆ ਦਿੱਤੀ ਗਈ ਹੈ। ਇਸ ਵਿੱਚ ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਖੇਤਰ ਸ਼ਾਮਲ ਹਨ। 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫ਼ਤਹਿਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਲੁਆਈ ਸ਼ੁਰੂ ਕੀਤੀ ਜਾਵੇਗੀ। ਬਾਕੀ ਜ਼ਿਲ੍ਹਿਆਂ ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਲੁਆਈ ਹੋ ਜਾਵੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ’ਤੇ ਇਹ ਸਮਾਂ ਵਧਾਇਆ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੌਜੂਦਾ 15 ਬਿਜਲੀ ਯੂਨਿਟਾਂ ਵਿੱਚੋਂ 14 ਯੂਨਿਟ ਆਪਣੀ ਪੂਰੀ ਸਮਰੱਥਾ ਨਾਲ ਕਾਰਜਸ਼ੀਲ ਹਨ ਅਤੇ ਇੱਕ ਯੂਨਿਟ ਵੀ ਅਗਲੇ ਤਿੰਨ ਦਿਨਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਬੀਤੇ ਵਰ੍ਹੇ ਸੂਬੇ ਵਿੱਚ ਬਿਜਲੀ ਦੀ ਪੀਕ ਡਿਮਾਂਡ 16058 ਮੈਗਾਵਾਟ ਰਹੀ ਸੀ, ਜਿਸ ਦੇ ਮੱਦੇਨਜ਼ਰ ਇਸ ਸਾਲ 17000 ਮੈਗਾਵਾਟ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਪਲਾਂਟਾਂ ਕੋਲ 30 ਦਿਨ ਦੇ ਕੋਲੇ ਦਾ ਭੰਡਾਰ ਮੌਜੂਦ ਹੈ ਅਤੇ ਸੂਬੇ ਵਿੱਚ ਟਰਾਂਸਮਿਸ਼ਨ ਨੂੰ ਵੀ ਬਿਹਤਰ ਬਣਾਇਆ ਗਿਆ ਹੈ। ਈਟੀਓ ਨੇ ਭਰੋਸਾ ਦਿਵਾਇਆ ਕਿ ਸਰਕਾਰ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜੀਂਦੀ ਬਿਜਲੀ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।