ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਮਈ
ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ ਡਾ. ਬਲਵਿੰਦਰ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਬਲਾਕ ਖੇਤੀਬਾੜੀ ਅਧਿਕਾਰੀ ਡਾ. ਗੁਰਮੀਤ ਸਿੰਘ ਰਿਆੜ ਨੇ ਪਿੰਡ ਜੋਧਨਗਰੀ ਵਿਖੇ ਕਿਸਾਨ ਇਕਬਾਲ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਰਿਆੜ ਨੇ ਕਿਹਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਅਸੀਂ ਪਾਣੀ ਦੀ ਬੱਚਤ ਕਰ ਸਕੀਏ, ਜੋ ਕਿ ਭਵਿੱਖ ਦੀ ਸਭ ਤੋਂ ਮਹੱਤਵਪੂਰਨ ਜ਼ਰੂਰਤ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਧਰਤੀ ਹੇਠਲੇ ਪਾਣੀ ਦੀ 15-20% ਬੱਚਤ ਹੁੰਦੀ ਹੈ। ਸਰਕਾਰ ਵੱਲੋਂ ਇਕ ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ। 10 ਲੱਖ ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਸਿੱਧੀ ਬਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਾ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਸੰਭਵ ਹੋ ਸਕੇ ਸਿੱਧੇ ਤੌਰ ‘ਤੇ ਝੋਨੇ ਦੀ ਬਿਜਾਈ ਕਰਨ।