ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਮਈ
ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਪੰਜਾਬ ਰਾਜ ਦੇ ਜੀਐੱਸਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀਐਸਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜੀਐੱਸਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀਐੱਸਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਸਟੇਟ ਜੀਐੱਸਟੀ ਦੇ ਮਾਮਲੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।
ਇਸ ਮੌਕੇ ਚੇਅਰਮੈਨ ਨੀਲ ਗਰਗ, ਸੰਗਰੂਰ ਟਰੇਡ ਐਸੋਸੀਏਸ਼ ਦੇ ਪ੍ਰਧਾਨ ਅਰੁਣ ਜਿੰਦਲ, ਏਸੀਐੱਸਟੀ ਰੋਹਿਤ ਗਰਗ, ਸੋਨੀਆ ਗੁਪਤਾ, ਪੰਕਜ ਕੁਮਾਰ, ਨਿਤਿਨ ਗਰਗ, ਸੁਨੀਲ ਗਰਗ, ਸਮੂਹ ਏ.ਈ.ਟੀ.ਸੀਜ਼, ਸਮੂਹ ਈ.ਟੀ.ਓਜ਼, ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੈਸ, ਹੋਟਲਾਂ ਅਤੇ ਰੈਸਟੋਰੈਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਦਿੱਤੇ।