ਟੀਬੀ ਤੇ ਈਐੱਸਆਈ ਹਸਪਤਾਲ ਦੀ ਹਾਲਤ ਤਰਸਯੋਗ: ਔਜਲਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਦਸੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਹਿਰ ਦੇ ਸਰਕਾਰੀ ਹਸਪਤਾਲਾਂ ਦੀ ਤਰਸਯੋਗ ਹਾਲਤ ਤੋਂ ਜਾਣੂ ਕਰਵਾਇਆ।
ਟੀਬੀ ਮੁਕਤ ਮੁਹਿੰਮ ਦੀ ਸ਼ੁਰੂਆਤ ਕਰਨ ਪਹੁੰਚੇ ਸਿਹਤ ਮੰਤਰੀ ਨੂੰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਟੀਬੀ ਹਸਪਤਾਲ ਅਤੇ ਈਐਸਆਈ ਹਸਪਤਾਲ ਦੀ ਹਾਲਤ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਲਿਖਤੀ ਨੋਟਿਸ ਦੇਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਿਹਤ ਸੇਵਾਵਾਂ ਵਧੀਆ ਹੋਣ ਦੀ ਬਜਾਏ ਬਹੁਤ ਮਾੜੀ ਹਾਲਤ ਵਿੱਚ ਹਨ। ਸ਼ਹਿਰ ਦੇ ਵੱਡੇ ਹਸਪਤਾਲ ਗੁਰੂ ਨਾਨਕ ਦੇਵ ਹਸਪਤਾਲ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ, ਜਿਸ ਕਾਰਨ ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਤੁਰੰਤ ਦਖਲ ਦੀ ਲੋੜ ਹੈ। ਔਜਲਾ ਨੇ ਕਿਹਾ ਕਿ ਇਲਾਕੇ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਇੱਕ ਅਤਿ-ਆਧੁਨਿਕ ਕੈਂਸਰ ਸੰਸਥਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਦੇ ਬਾਵਜੂਦ ਜੀਐਨਡੀਐਚ ਵਿੱਚ ਸਥਾਪਤ ਸਟੇਟ ਕੈਂਸਰ ਇੰਸਟੀਚਿਊਟ ਪੂਰੀ ਤਰ੍ਹਾਂ ਚਾਲੂ ਨਹੀਂ ਹੋ ਸਕਿਆ ਹੈ।
ਕਰੋੜਾਂ ਦਾ ਪ੍ਰਾਜੈਕਟ ਹੈ ਪਰ ਕੁਝ ਹੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪ੍ਰਾਈਵੇਟ ਲੈਬਾਰਟਰੀਆਂ ਅਤੇ ਰੇਡੀਓਲੋਜੀ ਸੈਂਟਰਾਂ ਦੇ ਅਣਅਧਿਕਾਰਤ ਏਜੰਟਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਈਐੱਸਆਈ ਹਸਪਤਾਲ ਐਕਸਰੇਅ ਸ਼ੀਟਾਂ ਦੀ ਘਾਟ, ਮਸ਼ੀਨਾਂ ਦੀ ਖਰਾਬੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਸੰਸਦ ਮੈਂਬਰ ਨੇ ਕਿਹਾ ਕਿ ਉੱਤਰੀ ਭਾਰਤ ਦੇ ਸਭ ਤੋਂ ਪੁਰਾਣੇ ਹਸਪਤਾਲਾਂ ਵਿੱਚੋਂ ਇੱਕ ਟੀਬੀ ਹਸਪਤਾਲ ਦੀ ਹਾਲਤ ਖਸਤਾ ਹੈ।