ਠੇਕਾ ਮੁਲਾਜ਼ਮਾਂ ਵੱਲੋਂ ਲੁਧਿਆਣਾ ਵਿੱਚ ਝੰਡਾ ਮਾਰਚ ਦਾ ਐਲਾਨ
ਪੱਤਰ ਪ੍ਰੇਰਕ
ਭੁੱਚੋ ਮੰਡੀ, 6 ਜੂਨ
ਸਰਕਾਰੀ ਵਿਭਾਗਾਂ ਵਿੱਚ ਪੱਕਾ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 11 ਜੂਨ ਨੂੰ ਲੁਧਿਆਣਾ ਦੀ ਜ਼ਿਮਨੀ ਚੋਣ ਵਾਲੇ ਹਲਕੇ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ। ਮੋਰਚੇ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ ਮੁਹੱਬਤ ਅਤੇ ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾਂਦੀ ਲੁੱਟ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਦੇ ਬਾਵਜੂਦ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਪਿਛਲੇ ਦੋ ਦਹਾਕਿਆਂ ਤੋਂ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ’ਤੇ ਪੱਕਾ ਕੀਤਾ ਜਾਵੇ, ਸੇਵਾ ਕਾਲ ਦੌਰਾਨ ਮੌਤ ਜਾਂ ਨਕਾਰਾ ਹੋਣ ਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।