ਡਾ. ਮਨਮੋਹਨ ਸਿੰਘ ਦੇ ਕੰਮ ਹਮੇਸ਼ਾ ਬੋਲਦੇ ਰਹਿਣਗੇ: ਬਾਜਵਾ
ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ(ਮੁਹਾਲੀ), 12 ਜਨਵਰੀ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਖ਼ੁਦ ਘੱਟ ਬੋਲਦੇ ਸਨ ਪਰ ਉਨ੍ਹਾਂ ਦੇ ਕੰਮ ਹਮੇਸ਼ਾ ਬੋਲਦੇ ਰਹਿਣਗੇ। ਉਹ ਅੱਜ ਇੱਥੋਂ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਗੀਠਾ ਸਾਹਿਬ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਡਾ. ਮਨਮੋਹਨ ਸਿੰਘ ਨਮਿਤ ਕਰਾਏ ਗਏ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਾਜਵਾ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਦੀ ਦਸਤਾਰ ਨੇ ਸਿੱਖਾਂ ਦੀ ਵਿਸ਼ਵ ਪੱਧਰ ’ਤੇ ਪਛਾਣ ਕਰਾਈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇਪੀ ਰਾਣਾ ਅਤੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਡਾ. ਮਨਮੋਹਨ ਸਿੰਘ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ 2013 ਵਿੱਚ ਬਣਾਏ ਭੂਮੀ ਗ੍ਰਹਿਣ ਬਿੱਲ ਦਾ ਸਭ ਤੋਂ ਵੱਧ ਲਾਭ ਮੁਹਾਲੀ ਜ਼ਿਲ੍ਹੇ ਦੇ ਵਾਸੀਆਂ ਨੂੰ ਹੋਇਆ। ਪੱਤਰਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਮੰਚ ਸੰਚਾਲਨ ਕੀਤਾ। ਇਸ ਤੋਂ ਪਹਿਲਾਂ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਭਾਈ ਰਣਧੀਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਚੰਡੀਗੜ੍ਹ ਦੇ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ, ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮਿੰਦਰ ਸਿੰਘ ਲੱਕੀ, ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਲਜੀਤ ਸਿੰਘ ਚਾਵਲਾ, ਹਰਚਰਨ ਸਿੰਘ ਸੋਥਾ, ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਕਰਨਬੀਰ ਸਿੰਘ ਢਿੱਲੋਂ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ, ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਬੀਬੀ ਸਵਰਨਜੀਤ ਕੌਰ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਵੋਤਮ ਰਾਣਾ ਹਾਜ਼ਰ ਸਨ।