ਡਿਪਟੀ ਡਾਇਰੈਕਟਰ ਵੱਲੋਂ ਪਸ਼ੂ ਹਸਪਤਾਲਾਂ ਦਾ ਨਿਰੀਖਣ
ਪੱਤਰ ਪ੍ਰੇਰਕ
ਪਠਾਨਕੋਟ, 2 ਜੂਨ
ਡਿਪਟੀ ਡਾਇਰੈਕਟਰ ਡਾ. ਮੁਕੇਸ਼ ਮਿੱਤਲ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਵਿਜੇ ਕੁਮਾਰ ਨੇ ਤਹਿਸੀਲ ਪਠਾਨਕੋਟ ਦੇ ਵੱਖ-ਵੱਖ ਪਸ਼ੂ ਹਸਪਤਾਲਾਂ ਦਾ ਨਿਰੀਖਣ ਕੀਤਾ।
ਡਿਪਟੀ ਡਾਇਰੈਕਟਰ ਡਾ. ਮੁਕੇਸ਼ ਮਿੱਤਲ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੀਆਂ ਪਸ਼ੂ ਸੰਸਥਾਵਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਸਿਵਲ ਪਸ਼ੂ ਡਿਸਪੈਂਸਰੀ ਮੀਰਥਲ, ਪਸ਼ੂ ਹਸਪਤਾਲ ਘਿਆਲਾ ਅਤੇ ਪਸ਼ੂ ਹਸਪਤਾਲ ਨੰਗਲ ਭੂਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਪਸ਼ੂ ਸੰਸਥਾਵਾਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ ਗਈ ਅਤੇ ਸੰਸਥਾਵਾਂ ਦੀ ਸਫਾਈ ਤੇ ਰਿਕਾਰਡ ਨੂੰ ਵੀ ਚੈੱਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਸ਼ੂ ਪਾਲਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਦਾਨ ਕਰਨਾ ਲਾਜ਼ਮੀ ਬਣਾਇਆ ਜਾਵੇ।