ਡੀਟੀਐੱਫ ਵੱਲੋਂ ਸੰਧਵਾਂ ਦੇ ਘਰ ਤੱਕ ਰੋਸ ਮਾਰਚ ਦਾ ਐਲਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਜਨਵਰੀ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਤਰੱਕੀ ਉਪਰੰਤ ਅਧਿਆਪਕਾਂ ਨੂੰ ਸਹੀ ਸਟੇਸ਼ਨ ਦੀ ਚੋਣ ਨਾ ਕਰਾਉਣ ਅਤੇ ਧੱਕੇ ਨਾਲ ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ ਦਰਾਡੇ ਸਟੇਸ਼ਨ ਦੇਣ ਖ਼ਿਲਾਫ਼ 11 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਡੀਟੀਐੱਫ਼ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਵਿਭਾਗ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ 25 ਸਾਲਾਂ ਦੀ ਲੰਬੀ ਉਡੀਕ ਤੋਂ ਬਾਅਦ ਈਟੀਟੀ ਕਾਡਰ ਦੇ ਅਧਿਆਪਕਾਂ ਨੂੰ ਤਰੱਕੀ ਮਿਲੀ ਹੈ। ਤਰੱਕੀ ਦੇਣ ਉਪਰੰਤ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਧੱਕੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ ਦੁਰਾਡੇ ਸਟੇਸ਼ਨ ਦਿੱਤੇ ਗਏ ਹਨ। ਵਿਭਾਗ ਦੀ ਧੱਕੇਸ਼ਾਹੀ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ ਫ਼ੈਲ ਗਿਆ। ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਹਰੀਕੇ ਅਤੇ ਵਿੱਤ ਸਕੱਤਰ ਯਾਦਵਿੰਦਰ ਧੂਰੀ ਨੇ ਕਿਹਾ ਕਿ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਦੌਰਾਨ 11 ਜਨਵਰੀ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ।