ਡੀਸੀ ਦਫ਼ਤਰਾਂ ਅੱਗੇ ਕਿਸਾਨਾਂ ਵੱਲੋਂ ਮੁਜ਼ਾਹਰੇ: ਖੇਤੀਬਾੜੀ ਵਿਰੋਧੀ ਨੀਤੀਆਂ ਕਾਰਨ ਟਰੰਪ ਤੇ ਮੋਦੀ ਦੇ ਪੁਤਲੇ ਸਾੜੇ
ਸ਼ਗਨ ਕਟਾਰੀਆ
ਬਠਿੰਡਾ, 4 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਥੇਬੰਦੀਆਂ ਵੱਲੋਂ ਭਾਰਤ ਦੀ ਖੇਤੀ, ਡੇਅਰੀ, ਪੋਲਟਰੀ, ਛੋਟੀਆਂ ਸਨਅਤਾਂ, ਵਪਾਰ ਅਤੇ ਦੂਜੇ ਕਾਰੋਬਾਰਾਂ ਨੂੰ ਬਰਬਾਦ ਕਰਨ ਵਾਲੀਆਂ ਟੈਕਸ ਨੀਤੀਆਂ ਨੂੰ ਰੱਦ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਅਤੇ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਸੁਖਜਿੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਮਰੀਕਾ ਦੇ ਦਬਾਅ ਤਹਿਤ ਉਸ ਨਾਲ ਟੈਕਸ ਮੁਕਤ ਸੰਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਭਾਰਤ ਦੇ ਖੇਤੀ ਅਰਥਚਾਰੇ, ਉਦਯੋਗ ਅਤੇ ਵਪਾਰ ਨਾਲ ਜੁੜੇ ਕਾਰੋਬਾਰ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਅਮਰੀਕਾ ਭਾਰਤ ਉੱਪਰ ਦਬਾਅ ਪਾ ਰਿਹਾ ਹੈ ਕਿ ਭਾਰਤ ਤੋਂ ਬਾਹਰ ਜਾਣ ਵਾਲੀਆਂ ਖੇਤੀ ਵਸਤਾਂ ’ਤੇ ਟੈਕਸ ਵਧਾਇਆ ਜਾਵੇ ਅਤੇ ਅਮਰੀਕਾ ਤੋਂ ਖੇਤੀ ਜਿਣਸਾਂ ਅਤੇ ਹੋਰ ਵਸਤੂਆਂ ਭਾਰਤ ਨੂੰ ਖਰੀਦਣ ਸਮੇਂ ਉਨ੍ਹਾਂ ’ਤੇ ਟੈਕਸ ਘਟਾਇਆ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ ਨੂੰ ਤੁਰੰਤ ਵਿਸ਼ਵ ਵਪਾਰ ਸੰਸਥਾ ਅਧੀਨ ਕੀਤੇ ਗਏ ਸਮਝੌਤੇ ਤੋਂ ਬਾਹਰ ਆਉਣਾ ਚਾਹੀਦਾ ਹੈ ਅਤੇ ਆਪਣੀ ਸੁਤੰਤਰ ਆਰਥਿਕ ਨੀਤੀ ਅਨੁਸਾਰ ਦੇਸ਼ ਵਾਸੀਆਂ ਦੇ ਹਿੱਤਾਂ ਅਨੁਸਾਰ ਫੈਸਲੇ ਲੈਣੇ ਚਾਹੀਦੇ ਹਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਮਰੀਕਾ ਅਤੇ ਭਾਰਤ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਇਥੇ ਡਿਪਟੀ ਕਮਿਸ਼ਨਰ ਦਫਤਰ ਕੋਲ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਮਾਨਸਾ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਰੋਸ ਪ੍ਰਦਰਸ਼ਨ ਕੀਤੇ ਗਏ। ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਸਮੇਤ 60 ਦੇਸ਼ਾਂ ਵਿੱਚ ਜਵਾਬੀ ਟੈਕਸ ਲਾਉਣ ਦਾ ਐਲਾਨ ਕੀਤਾ ਹੈ ਅਤੇ ਅਮਰੀਕਾ ਹੁਣ ਭਾਰਤੀ ਵਸਤਾਂ ’ਤੇ 27 ਫੀਸਦੀ ਵਾਧੂ ਟੈਕਸ ਵਸੂਲ ਕਰੇਗਾ, ਜਿਸ ਨਾਲ ਆਉਂਦੇ ਸਮੇਂ ਦੌਰਾਨ ਭਾਰਤ ਦੀ ਆਰਥ ਵਿਵਸਥਾ ਨੂੰ ਵੱਡਾ ਧੱਕਾ ਲੱਗ ਸਕਦਾ ਹੈ।
ਭਦੌੜ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅਮਰੀਕਾ ਅਤੇ ਭਾਰਤ ਸਰਕਾਰ ਵਿਚਕਾਰ ਹੋਏ ਰਹੇ ਕਿਸਾਨ ਅਤੇ ਵਪਾਰੀ ਵਿਰੋਧੀ ਫੈਸਲਿਆਂ ਨੂੰ ਲੈਕੇ ਸਬ-ਤਹਿਸੀਲ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।
ਤਪਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਵਲੋਂ ਤਪਾ ਮੰਡੀ ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਮਹਿਲ ਕਲਾਂ ਮਾਰਕੀਟ ਕਮੇਟੀ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਸਾੜ ਕੇ ਮੁਜ਼ਾਹਰਾ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ, ਬੀਕੇਯੂ ਡਕੌਂਦਾ (ਧਨੇਰ), ਬੀਕੇਯੂ ਕਾਦੀਆਂ ਅਤੇ ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਆਗੂ ਅਤੇ ਵਰਕਰ ਸ਼ਾਮਲ ਹੋਏ।
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਰਚੇ ਹਟਾ ਕੇ ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਿਆ: ਡੱਲੇਵਾਲ
ਫ਼ਿਰੋਜ਼ਪੁਰ (ਸੰਜੀਵ ਹਾਂਡਾ):ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਲਾਏ ਗਏ 27 ਫ਼ੀਸਦ ਟੈਕਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਇਥੇ ਡੀਸੀ ਦਫ਼ਤਰ ਦੇ ਬਾਹਰ ਇਕੱਤਰ ਹੋਏ ਕਿਸਾਨਾਂ ਵੱਲੋਂ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਟਰੰਪ ਦੇ ਇਸ ਰਵੱਈਏ ਨਾਲ ਸਾਡੇ ਮੁਲਕ ਦੇ ਸਾਰੇ ਕਾਰੋਬਾਰ ਉੱਪਰ ਡੂੰਘਾ ਅਸਰ ਪਵੇਗਾ, ਨਿਰਯਾਤ ਵਿਚ ਭਾਰੀ ਗਿਰਾਵਟ ਆਵੇਗੀ ਅਤੇ ਬੇਰੁਜ਼ਗਾਰੀ ਵਧੇਗੀ। ਅੱਜ ਫ਼ਿਰੋਜ਼ਪੁਰ ਪਹੁੰਚੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅਮਰੀਕੀ ਸਰਕਾਰ ਵੱਲੋਂ ਲਾਏ ਗਏ ਟੈਕਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਮਰੀਕਾ ਅਜਿਹੇ ਟੈਕਸ ਲਾ ਕੇ ਭਾਰਤ ਦੀ ਆਰਥਿਕਤਾ ਨੂੰ ਕਮਜ਼ੋਰ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾਂ ਕਰਨਾ ਚਾਹੁੰਦਾ ਹੈ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ਵਾਸਘਾਤ ਕਰਕੇ ਖਨੌਰੀ ਬਾਰਡਰ ’ਤੇ ਲੱਗਾ ਕਿਸਾਨਾ ਦਾ ਧਰਨਾ ਚੁਕਵਾਇਆ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਕੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਦੇ ਹੱਕਾਂ ਲਈ ਸ਼ੁਰੂ ਹੋਈ ਇਹ ਜੰਗ ਅਗਾਂਹ ਵੀ ਜਾਰੀ ਰਹੇਗੀ। ਉਨ੍ਹਾਂ ਆਖਿਆ ਕਿ ਅਗਲੇ ਅੰਦੋਲਨ ਦੀ ਰੂਪਰੇਖਾ ਤਿਆਰ ਕਰਨ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਇਕਜੁੱਟ ਹੋ ਰਹੇ ਹਨ ਤੇ ਛੇਤੀ ਹੀ ਇਸਦੇ ਸਾਰਥਕ ਨਤੀਜੇ ਜਨਤਾ ਦੇ ਸਾਹਮਣੇ ਆਉਣਗੇ।