ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 31 ਜਨਵਰੀ
ਡਿਪਟੀ ਕਮਿਸ਼ਨਰ ਦਫਤਰ ਵਿੱਚ ਲੱਗੇ ਮੁਲਾਜ਼ਮਾਂ ਨੇ ਅੱਜ ਅੱਧਾ ਦਿਨ ਹੀ ਕੰਮ ਕੀਤਾ। ਦਫਤਰ ਦੇ ਸਟਾਫ ਦੀ ਯੂਨੀਅਨ ਨੇ ਕਿਹਾ ਕਿ ਬਹੁਤ ਸਾਰੇ ਮੁਲਜ਼ਮਾਂ ਨੂੰ ਤੱਰਕੀਆਂ ਦਿੱਤੀਆਂ ਜਾਣੀਆਂ ਹਨ ਪਰ ਸਰਕਾਰ ਆਨਾ-ਕਾਨੀ ਕਰਦੀ ਆ ਰਹੀ।
ਜੱਥੇਬੰਦੀ ਦੇ ਆਗੂ ਨਰੇਸ਼ ਕੌਲ ਦਾ ਕਹਿਣਾ ਸੀ ਕਿ ਸਰਕਾਰ ਨੂੰ ਮੰਗਾਂ ਮੰਨਣ ਲਈ 17 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ ਪਰ ਇਹ ਸਮਾਂ ਵੀ ਲੰਘ ਗਿਆ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਗੌਰ ਨਹੀਂ ਕੀਤੀ ਅਤੇ ਨਾ ਹੀ ਕੋਈ ਹੁੰਗਾਰਾ ਭਰਿਆ।ਇਸ ਕਰਕੇ ਅੱਜ ਮੁਲਾਜ਼ਮਾਂ ਨੂੰ ਅੱਧੇ ਦਿਨ ਦੀ ਹੜਤਾਲ ਦਾ ਫੈਸਲਾ ਲੈਣਾ ਪਿਆ।
ਮੁਲਾਜ਼ਮ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਬਹੁਤ ਅੰਤਰ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਆਪ ਚੋਣਾਂ ਤੋਂ ਪਹਿਲਾਂ ਕਹਿੰਦੇ ਰਹੇ ਸਨ ਕਿ ਉਨ੍ਹਾਂ ਦੀ ਸਰਕਾਰ ਆਉਣ `ਤੇ ਪੰਜਾਬ `ਚ ਧਰਨੇ ਨਹੀਂ ਲੱਗਣਗੇ। ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਮੌਜੂਦਾ ਸਮੇਂ ਵਿੱਚ ਸਥਿਤੀ ਅਜਿਹੀ ਹੈ ਕਿ ਕੋਈ ਵੀ ਵਿਭਾਗ ਅਜਿਹਾ ਨਹੀਂ ਹੈ ਜਿਸ ਦੇ ਮੁਲਾਜ਼ਮ ਖੁਸ਼ ਹੋਣ। ਉਨ੍ਹਾਂ ਕਿਹਾ ਸਰਕਾਰ ਵੱਲੋਂ ਤਰੱਕੀਆਂ ਦੇ ਨਾਲ ਨਾਲ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਵੱਲ ਵੀ ਗੌਰ ਨਹੀਂ ਕੀਤਾ ਜਾ ਰਿਹਾ। ਮੁਲਾਜ਼ਮਾਂ ਦੇ ਡੀਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਮੁਲਾਜ਼ਮ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਯਾਦ ਰਹੇ ਕਿ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 30 ਅਤੇ 31 ਜਨਵਰੀ ਨੂੰ ਦੋ ਰੋਜ਼ਾ ਅੱਧੇ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਸੀ। ਅੱਜ ਹੜਤਾਲ ਦੇ ਦੂਜੇ ਦਿਨ ਅੱਧੇ ਦਿਨ ਹੀ ਕੰਮ ਕੀਤਾ।
ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਲ ਵਿਭਾਗ ਅਤੇ ਡੀਸੀ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟਾਂ ਅਤੇ ਸੀਨੀਅਰ ਸਹਾਇਕਾਂ ਨੂੰ ਤਰੱਕੀ ਦਿੱਤੀ ਜਾਣੀ ਹੈ, ਪਰ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਯੂਨੀਅਨ ਦੇ ਆਗੂਆਂ ਰਮੇਸ਼ ਅਰੋੜਾ, ਜਨਰਲ ਸਕੱਤਰ ਜਗਦੀਸ਼ ਸਲੂਜਾ, ਜਲੰਧਰ ਦੇ ਜਿਲ੍ਹੇ ਪ੍ਰਧਾਨ ਨਰੇਸ਼ ਕੁਮਾਰ ਕੌਲ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਤਰੱਕੀਆਂ ਨਹੀਂ ਦੇ ਰਹੀ ਅਤੇ ਉੱਪਰੋਂ ਵਿਭਾਗਾਂ ਵਿੱਚ ਅਸਾਮੀਆਂ ਖ਼ਤਮ ਕਰਨ ਵਿੱਚ ਲੱਗੀ ਹੋਈ।