ਡੀਸੀ ਨੇ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ
ਮਾਨਸਾ, 12 ਸਤੰਬਰ
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਇਨ੍ਹਾਂ ਕੈਂਪਾਂ ਦਾ ਆਮ ਲੋਕ ਭਰਪੂਰ ਲਾਹਾ ਲੈ ਰਹੇ ਹਨ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਝੇਰਿਆਂਵਾਲੀ ਵਿਚ ਲਗਾਏ ਜਨ ਸੁਣਵਾਈ ਕੈਂਪ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਡੋਰ ਸਟੈਪ ਡਲਿਵਰੀ ਸੇਵਾ ਵੀ ਚਲਾਈ ਗਈ ਹੈ, ਜਿਸ ਤਹਿਤ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇਨ੍ਹਾਂ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਲਿਵਰੀ ਸੇਵਾ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾਅ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 13 ਸਤੰਬਰ ਨੂੰ ਪਿੰਡ ਸੈਦੇਵਾਲਾ ਦੇ ਗੁਰੂ ਘਰ ਵਿਖੇ ਸਵੇਰੇ 11 ਵਜੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ।