ਡੀਸੀ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਦੇਵੀਗੜ੍ਹ 8 ਮਈ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ.ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਈਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਯੁਗਲ ਕਿਸ਼ੋਰ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਈਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ ‘ਤੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਅਬਲੋਵਾਲ ਵਿਖੇ ਭਾਖੜਾ ਤੋਂ ਪਾਣੀ ਲੈਣ ਲਈ ਭਾਖੜਾ ‘ਤੇ ਗੇਟ ਲਗਾਉਣ ਦਾ ਕੰਮ ਚੱਲ ਰਿਹਾ ਹੈ ਜੋ 15 ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 347 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਣੀ ਹੈ, ਜਿਸ ‘ਚੋਂ 91 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ ਪੱਟੀਆਂ ਗਈਆਂ 72 ਕਿਲੋਮੀਟਰ ਸੜਕਾਂ ‘ਚੋਂ 26 ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ ‘ਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ ‘ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ।