ਡੀਸੀ ਵੱਲੋਂ ਮਹਿਲ ਕਲਾਂ ਦੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 28 ਮਾਰਚ
ਬਰਨਾਲਾ ਦੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਅਚਾਨਕ ਕਸਬਾ ਮਹਿਲ ਕਲਾਂ ਵਿਖੇ ਤਹਿਸੀਲ ਦਫ਼ਤਰ, ਬੀਡੀਪੀਓ ਦਫ਼ਤਰ ਅਤੇ ਮਾਰਕੀਟ ਕਮੇਟੀ ਦਾ ਦੌਰਾ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਮੁਲਾਜ਼ਮਾਂ ਦੀ ਹਾਜ਼ਰੀ, ਦਫ਼ਤਰੀ ਰਿਕਾਰਡ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਸਮੀਖਿਆ ਕੀਤੀ।
ਇਸ ਮੌਕੇ ਡੀਸੀ ਬੈਨਿਥ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸੁਚਾਰੂ ਢੰਗ ਨਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਬੀਡੀਪੀਓ ਦਫ਼ਤਰ ਮਹਿਲ ਕਲਾਂ ਵਿੱਚ ਤਿੰਨ ਮੁਲਾਜ਼ਮ ਡਿਊਟੀ ’ਤੇ ਮੌਜੂਦ ਨਾ ਹੋਣ ਕਰਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਜੋ ਮੁਲਾਜ਼ਮ ਡਿਊਟੀ ਵਿੱਚ ਲਾਪਰਵਾਹੀ ਕਰਨਗੇ ਜਾਂ ਲੋਕਾਂ ਨੂੰ ਪਰੇਸ਼ਾਨੀ ਦੇਣਗੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਮਹਿਲ ਕਲਾਂ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।