ਡੀਸੀ ਵੱਲੋਂ ਰੈਣ ਬਸੇਰੇ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ
ਪਟਿਆਲਾ, 2 ਜਨਵਰੀ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਬਣੇ ਰੈਣ ਬਸੇਰੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ’ਚ ਲੋੜਵੰਦਾਂ ਲਈ ਰੈਣ ਬਸੇਰੇ ਬਣਾਏ ਹਨ, ਜਿੱਥੇ ਠੰਢ ਦੇ ਇਸ ਮੌਸਮ ਵਿੱਚ ਸੜਕਾਂ ਕਿਨਾਰੇ ਰਾਤਾਂ ਗੁਜ਼ਾਰਨ ਵਾਲੇ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਰਾਤ ਸਮੇਂ ਸੌਣ ਲਈ ਬਿਸਤਰਾ ਤੇ ਸਿਰ ’ਤੇ ਛੱਤ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਰੈਣ ਬਸੇਰੇ ਵਿੱਚ ਰਹਿ ਰਹੇ ਲੋਕਾਂ ਨੂੰ ਕੰਬਲ ਵੰਡੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਹਿਰ ਵਿੱਚ ਤਿੰਨ ਰੈਣ ਬਸੇਰੇ ਬਣਾਏ ਗਏ ਹਨ, ਜਿਸ ਵਿੱਚ ਇਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨੇੜੇ ਖੰਡਾ ਚੌਕ ਨੇੜੇ ਰੈਣ ਬਸੇਰਾ ਬਣਾਇਆ ਗਿਆ ਹੈ। ਦੂਸਰਾ ਸ੍ਰੀ ਕਾਲੀ ਦੇਵੀ ਮੰਦਰ ਦੇ ਨੇੜੇ ਰੈਣ ਬਸੇਰਾ ਹੈ ਤੇ ਤੀਜਾ ਪੁਰਾਣੇ ਬੱਸ ਅੱਡੇ ਕੋਲ ਰੈਣ ਬਸੇਰਾ ਬਣਿਆ ਹੋਇਆ ਹੈ ਜਿਨ੍ਹਾਂ ਵਿੱਚ ਸਾਰੀਆਂ ਬੁਨਿਆਂਦੀ ਸਹੂਲਤਾਵਾਂ ਉਪਲਬਧ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੁਯੰਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਤੇ ਰੈੱਡ ਕਰਾਸ ਦੇ ਸਕੱਤਰ ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।