ਡੀਸੀ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧ ਕਰਨ ਦਾ ਹੁਕਮ
ਪੱਤਰ ਪ੍ਰੇਰਕ
ਤਰਨ ਤਾਰਨ, 3 ਜੂਨ
ਡਿਪਟੀ ਕਮਿਸ਼ਨਰ ਰਾਹੁਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ| ਅਧਿਕਾਰੀ ਨੇ ਐਕਸੀਅਨ ਡਰੇਨਜ਼ ਨੂੰ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ਜਿਨ੍ਹਾਂ ਵਿੱਚ ਮੁੱਠਿਆਂਵਾਲਾ, ਰਾਮ ਸਿੰਘ ਵਾਲਾ, ਰਾਦਲਕੇ, ਤੂਤ, ਭੰਗਾਲਾ, ਕੁੱਤੀਵਾਲਾ, ਘੜੁੰਮ ਅਤੇ ਸਭਰਾ ਆਦਿ ’ਚ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤੇ ਜਾਣ ਦੀ ਹਦਾਇਤ ਕੀਤੀ| ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਤਹਿਤ ਡਰੇਨਾਂ ਦੀ ਲੱਗਭੱਗ 145 ਕਿਲੋਮੀਟਰ ਤੱਕ ਸਫ਼ਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਕੰਮ 30 ਜੂਨ ਤੱਕ ਮੁਕੰਮਲ ਕਰਨ ਲਈ ਹਦਾਇਤ ਕੀਤੀ| ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਅਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਡਾ. ਕਰਨਬੀਰ ਸਿੰਘ (ਵਾਧੂ ਚਾਰਜ), ਐਕਸੀਅਨ ਡਰੇਨੇਜ ਵਿਸ਼ਾਲ ਮਹਿਤਾ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।