ਡੇਂਗੂ ਤੇ ਚਿਕਨਗੁਨੀਆ ਖ਼ਿਲਾਫ਼ ਮੈਦਾਨ ’ਚ ਉਤਰੇ ਸਿਹਤ ਮੰਤਰੀ
ਪਟਿਆਲਾ, 16 ਮਈ
ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਖ਼ੁਦ ਕਮਾਨ ਸੰਭਾਲ ਲਈ ਹੈ। ਅੱਜ ਕੌਮੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਤ੍ਰਿਪੜੀ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਕਈ ਘਰਾਂ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਇਸ ਨੂੰ ਨਸ਼ਟ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ।
ਮੰਤਰੀ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਦੇ ਬੈਨਰ ਹੇਠਾਂ ਚਲਾਈ ਜਾਂਦੀ ਮੁਹਿੰਮ ਦਾ ਮਕਸਦ ਜਾਗਰੂਕਤਾ ਫੈਲਾਅ ਕੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਤ੍ਰਿਪੜੀ ਇਲਾਕੇ ਦੇ ਕੁਝ ਘਰਾਂ ਵਿੱਚ ਪਾਣੀ ਵਾਲੇ ਬਰਤਨਾਂ, ਫਰਿੱਜਾਂ, ਕੂਲਰਾਂ, ਗਮਲਿਆਂ, ਪਾਰਕ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਇਸ ਦੌਰਾਨ ਘਰਾਂ ਵਿਚੋਂ ਡੇਂਗੂ ਲਾਰਵਾ ਲੱਭ ਕੇ ਨਸ਼ਟ ਕਰਵਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ।
ਸਿਹਤ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਤੋਂ 10 ਵਜੇ ਤੱਕ ਇੱਕ ਘੰਟਾ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ। ਜਿਸ ਦੌਰਾਨ ਗਮਲੇ, ਕੂਲਰ ’ਚ ਖੜ੍ਹਾ ਪਾਣੀ, ਫਰਿੱਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਭਾਂਡਿਆਂ ਚੋਂ ਪਾਣੀ ਦੀ ਨਿਕਾਸੀ ਯਕੀਨੀ ਬਣਾ ਕੇ ਸੁਕਾਉਣ। ਉਨ੍ਹਾਂ ਦੱਸਿਆ ਕਿ ਇਸ ਮੱਛਰ ਨੂੰ ਬਾਲਗ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇਕ ਹਫ਼ਤਾ ਲੱਗ ਜਾਂਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੈ ਪਰ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਵੀ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਇਆ ਜਾ ਸਕਦਾ ਹੈ। ਰਾਜ ਅੰਦਰ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਲਈ ਵਾਧੂ ਬੈਡ ਰਾਖਵੇਂ ਰੱਖੇ ਗਏ ਹਨ।