ਡੇਂਗੂ ਤੋਂ ਬਚਾਅ ਲਈ ਮੁਹਿੰਮ ਦੀ ਸ਼ੁਰੂਆਤ
ਪੱਤਰ ਪ੍ਰੇਰਕ
ਬਲਾਚੌਰ, 9 ਮਈ
ਸਿਹਤ ਬਲਾਕ ਬਲਾਚੌਰ ਦੀ ਡੇਂਗੂ ਵਿਰੋਧੀ ਟੀਮ ਨੇ ਅੱਜ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਲੈਫ. ਜਨਰਲ ਬਿਕਰਮ ਸਿੰਘ ਤੇ ਸਬ-ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ। ਉਨ੍ਹਾਂ ਆਮ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ। ਉਨ੍ਹਾਂ ਆਮ ਲੋਕਾਂ ਨੂੰ ਹਫਤੇ ਵਿੱਚ ਇੱਕ ਵਾਰ ਜ਼ਰੂਰ ਗਮਲਿਆਂ, ਕੂਲਰਾਂ, ਫ਼ਰਿੱਜ ਦੀਆਂ ਟਰੇਆਂ, ਪੁਰਾਣੇ ਟਾਇਰਾਂ ਅਤੇ ਛੱਤਾਂ ’ਤੇ ਪਏ ਕਬਾੜ ਸਾਮਾਨ ਵਿੱਚ ਖੜ੍ਹੇ ਪਾਣੀ ਨੂੰ ਸਾਫ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇ ਤੇ ਜਾਗਰੂਕਤਾ ਮੁਹਿੰਮ ਜ਼ੋਰਾਂ ’ਤੇ ਹੈ।
ਇਸ ਮੌਕੇ ਡਾ. ਸੁਖਜੀਤਪਾਲ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਸਿਹਤ ਇੰਸਪੈਕਟਰ ਦਿਲਬਾਗ ਸਿੰਘ, ਰਣਜੀਤ ਕੁਮਾਰ, ਰਾਮ ਗੋਪਾਲ, ਮਨਜੀਤ ਸਿੰਘ, ਰਾਜੇਸ਼ ਕੁਮਾਰ, ਪੑਵੀਨ ਕੁਮਾਰ ਤੇ ਸੁਰਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।