ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਮਜ਼ਦੂਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਕੀਤਾ ਵਿਰੋਧ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਦਸੰਬਰ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸੁਨਾਮ ਪੁਲੀਸ ਪ੍ਰਸ਼ਾਸ਼ਨ ਦੁਆਰਾ ਮਜ਼ਦੂਰ ਆਗੂਆਂ ਉੱਪਰ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਪਰਚਾ ਦਰਜ ਕਰਨ ਦੀ ਸਖ਼ਤ ਨਿਖੇਧੀ ਗਈ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਬੀਤੀ 16 ਸਤੰਬਰ ਨੂੰ ਸੁਨਾਮ ਨੇੜਲੇ ਇਲਾਕੇ ਬਿਸ਼ਨਪੁਰਾ ਵਿਖੇ ਦਿਹਾੜੀ ਕਰਦੇ ਚਾਰ ਨਰੇਗਾ ਮਜ਼ਦੂਰਾਂ ਉੱਪਰ ਇੱਕ ਟਰੱਕ ਚਾਲਕ ਵੱਲੋਂ ਟਰੱਕ ਚੜ੍ਹਾ ਕੇ ਉਨ੍ਹਾਂ ਨੂੰ ਹਲਾਕ ਕਰ ਦਿੱਤਾ ਗਿਆ ਸੀ ਤਾਂ ਇਨ੍ਹਾਂ ਮਜ਼ਦੂਰਾਂ ਨੂੰ ਇਨਸਾਫ ਦਿਵਾਉਣ ਖਾਤਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਸੰਘਰਸ਼ ਕੀਤਾ ਪਰ ਸੁਨਾਮ ਦੇ ਪੁਲੀਸ ਪ੍ਰਸ਼ਾਸ਼ਨ ਨੇ ਇਹਨਾਂ ਇਨਸਾਫ ਮੰਗਦੇ ਮਜ਼ਦੂਰਾਂ ਦੇ ਆਗੂਆਂ ਪ੍ਰਗਟ ਸਿੰਘ ਅਤੇ ਧਰਮਪਾਲ ਸਿੰਘ ਖਿਲਾਫ਼ ਹੀ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ। ਡੀਟੀਐੱਫ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਤਾਂ ਇਹ ਬਣਦੀ ਹੈ ਕਿ ਇਨ੍ਹਾਂ ਚਾਰ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ੇ ਅਤੇ ਟੱਬਰ ਦੇ ਇੱਕ ਜੀਅ ਨੂੰ ਪੱਕਾ ਰੁਜ਼ਗਾਰ ਦੇਵੇ ਤਾਂ ਕਿ ਇਹਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਕੁਝ ਘਟ ਸਕਣ ਅਤੇ ਨਾਲ ਹੀ ਦੋਸ਼ੀ ਟਰੱਕ ਡਰਾਈਵਰ ਨੂੰ ਬਣਦੀ ਸਜ਼ਾ ਦਿੱਤੀ ਜਾਵੇ ਪਰ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ ਉਲਟਾ ਪੀੜਤਾਂ ਦੇ ਅੱਲ੍ਹੇ ਜ਼ਖਮਾਂ ’ਤੇ ਹੀ ਲੂਣ ਛਿੜਕ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਲੜਾਈ ਲੜਨ ਵਾਲੇ ਮਜ਼ਦੂਰ ਆਗੂਆਂ ਵਿਰੁੱਧ ਦਰਜ ਕੀਤਾ ਪਰਚਾ ਤੁਰੰਤ ਰੱਦ ਕੀਤਾ ਜਾਵੇ।