ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਠੇਕਾ ਮੁਲਾਜ਼ਮ ਮੋਰਚੇ ਦੇ ਸੰਘਰਸ਼ ਦੀ ਹਮਾਇਤ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 16 ਮਾਰਚ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਦਿਆਂ ਡੀਟੀਐੱਫ ਦੇ ਸੂਬਾ ਪ੍ਰੈਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਠੇਕਾ ਭਰਤੀ ਅਤੇ ਆਊਟਸੋਰਸਿੰਗ ਤਹਿਤ ਕੰਮ ਕਰਦੇ ਕਾਮੇ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਰਹੇ ਹਨ। ਮੌਜੂਦਾ ਸਰਕਾਰ ਵੱਲੋਂ ਵੀ ਇਨ੍ਹਾਂ ਦਾ ਲਗਾਤਾਰ ਆਰਥਿਕ ਸ਼ੋਸਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਸਮੇਤ ਲਗਭਗ ਸਾਰੇ ਵਿਧਾਇਕਾਂ ਵੱਲੋਂ ਚੋਣਾਂ ਤੋਂ ਪਹਿਲਾਂ ਜਨਤਕ ਤੌਰ ’ਤੇ ਇਹ ਕਿਹਾ ਜਾਂਦਾ ਰਿਹਾ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਕੋਈ ਵੀ ਕਾਮਾ ਕੱਚਾ ਨਹੀਂ ਰਹੇਗਾ। ਪ੍ਰੰਤੂ ਸਰਕਾਰ ਦੇ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਇਨ੍ਹਾਂ ਕਾਮਿਆਂ ਨੂੰ ਪੱਕਾ ਰੁਜ਼ਗਾਰ ਨਸੀਬ ਨਹੀਂ ਹੋਇਆ। ਇਸ ਲਈ ਜਥੇਬੰਦੀ ਠੇਕਾ ਮੁਲਾਜ਼ਮਾਂ ਦੇ ਹਰ ਸੰਘਰਸ਼ ਵਿੱਚ ਡੱਟਵਾਂ ਸਾਥ ਦੇਵੇਗੀ।