ਡੱਲੇਵਾਲ ਦੀ ਨਾਜ਼ੁਕ ਹਾਲਤ ਲਈ ਸਰਕਾਰ ਜ਼ਿੰਮੇਵਾਰ: ਬਾਜਵਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਮਾਰਚ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਹਸਪਤਾਲ ’ਚ ਦਾਖ਼ਲ ਤੇ 124 ਦਿਨਾਂ ਤੋਂ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕੀਤੀ। ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ ਤੇ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਕਿਸਾਨ ਨੇਤਾਵਾਂ ਦੇ ਹਵਾਲੇ ਨਾਲ ਬਾਜਵਾ ਨੇ ਸਰਕਾਰ ਵੱਲੋਂ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ ਕਰਨ ਸਬੰਧੀ ਸੁਪਰੀਮ ਕੋਰਟ ’ਚ ਝੂਠ ਬੋਲਣ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਸਰਕਾਰ ਤਾਂ ਬਣੀ ਹੀ ਝੂਠਾਂ ਦੇ ਸਹਾਰੇ ਹੈ। ਇਸੇ ਦੌਰਾਨ 19 ਮਾਰਚ ਨੂੰ ਪੁਲੀਸ ਵੱਲੋਂ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਕਿਸਾਨਾ ਦੇ ਮੋਰਚਿਆਂ ਖ਼ਿਲਾਫ਼ ਕੀਤੀ ਕਾਰਵਾਈ ਅਤੇ ਪਟਿਆਲਾ ’ਚ ਕਰਨਲ ਦੀ ਕੁੱਟਮਾਰ ਦੇ ਹਵਾਲੇ ਨਾਲ ਬਾਜਵਾ ਨੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਤਾਂ ਹੁਣ ਪੁਲੀਸ ਰਾਜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਬਾਰਡਰਾਂ ’ਤੇ ਚੋਰੀ ਹੋਏ ਸਾਮਾਨ ਦੀ ਹੁਣ ਜਾਂਚ ਨਹੀਂ ਕੀਤੀ ਜਾਂਦੀ, ਤਾਂ ਕਾਂਗਰਸ ਸਰਕਾਰ ਆਉਣ ’ਤੇ ਚੋਰੀ ਕੀਤੇ ਗਏ ਸਾਜੋ-ਸਾਮਾਨ ਸਬੰਧੀ ਜਾਂਚ ਹੋਵੇਗੀ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਕੇਜਰੀਵਾਲ ਨੂੰ ਆਪਣੇ ਆਗੂਆਂ ਨੂੰ ਨਸ਼ਾ ਮੁਕਤ ਬਣਾਉਣਾ ਚਾਹੀਦਾ ਹੈ, ਤਾਂ ਹੀ ਪੰਜਾਬ ਨਸ਼ਾ ਮੁਕਤ ਸੂਬਾ ਬਣੇਗਾ। ਇਸ ਮੌਕੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਨੌਰ ਦੇ ਹਲਕਾ ਇੰਚਾਰਜ ਹੈਰੀਮਾਨ ਮੌਜੂਦ ਸਨ।