ਡੱਲੇਵਾਲ ਦੀ ਹਮਾਇਤ ’ਚ ਨਿੱਤਰੇ ਹਰਿਆਣਾ ਦੇ ਕਿਸਾਨ
ਆਤਿਸ਼ ਗੁਪਤਾ
ਚੰਡੀਗੜ੍ਹ, 26 ਦਸੰਬਰ
ਪੰਜਾਬ ਤੇ ਹਰਿਆਣਾ ਸਰਹੱਦ ’ਤੇ ਸਥਿਤ ਖਨੌਰੀ ਬਾਰਡਰ ’ਤੇ ਮਹੀਨੇ ਤੋਂ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ’ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ। ਇਨ੍ਹਾਂ ਵੱਲੋਂ ਅੱਜ ਸੂਬੇ ਭਰ ਵਿੱਚ ਭੁੱਖ ਹੜਤਾਲ ਕਰ ਕੇ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕੈਥਲ, ਹਿਸਾਰ, ਜੀਂਦ, ਸਿਰਸਾ, ਫਤਿਆਬਾਦ, ਸੋਨੀਪਤ, ਪਾਣੀਪਤ ਸਣੇ ਹੋਰਨਾਂ ਸ਼ਹਿਰਾਂ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਹਰੇਕ ਵਰਗ ਦੇ ਲੋਕ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨੇ ਅੱਜ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਲਈ ਵੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਹਰੇਕ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਬੰਦ ਨੂੰ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸਾਢੇ 10 ਮਹੀਨਿਆਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ, ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਅੰਦੋਲਨ ਜਾਰੀ ਰਹੇਗਾ।