ਤਖ਼ਤਾਂ ਵਿਚਾਲੇ ਟਕਰਾਅ: ਪਟਨਾ ਸਾਹਿਬ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਅਤੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਪੈਦਾ ਹੋਇਆ ਟਕਰਾਅ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਪਟਨਾ ਸਾਹਿਬ ਜਾਵੇਗਾ। ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਅਤੇ ਹੋਰਾਂ ਖ਼ਿਲਾਫ਼ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਿਚਾਲੇ ਨਵਾਂ ਵਿਵਾਦ ਪੈਦਾ ਹੋ ਗਿਆ। ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਏ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦਾ ਕੋਆਰਡੀਨੇਟਰ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੂੰ ਲਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਓਐੱਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਇਹ ਵਫ਼ਦ ਜਲਦੀ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਜ ਪਿਆਰਿਆਂ ਨਾਲ ਗੱਲਬਾਤ ਕਰੇਗਾ।
ਦੱਸਣਯੋਗ ਹੈ ਕਿ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਸਬੰਧਤ ਦੋ ਮਾਮਲੇ ਵਿਚਾਰੇ ਗਏ ਸਨ। ਇਨ੍ਹਾਂ ’ਚੋਂ ਇੱਕ ਰਾਹੀਂ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ। ਦੂਜੇ ਆਦੇਸ਼ ਰਾਹੀਂ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਅਣਦੇਖਿਆਂ ਕਰਨ ਦੇ ਦੋਸ਼ ਹੇਠ ਆਪਣਾ ਪੱਖ ਪੇਸ਼ ਕਰਨ ਵਾਸਤੇ ਤਲਬ ਕੀਤਾ ਗਿਆ ਸੀ। ਇਸੇ ਮਾਮਲੇ ਵਿੱਚ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਇੱਕ ਗ੍ਰੰਥੀ ਦੀਆਂ ਸੇਵਾਵਾਂ ’ਤੇ ਰੋਕ ਲਾ ਦਿੱਤੀ ਗਈ ਸੀ।
ਦੂਜੇ ਪਾਸੇ ਤਖਤ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਮੀਟਿੰਗ ਕਰਕੇ ਅਕਾਲ ਤਖ਼ਤ ਦੇ ਆਦੇਸ਼ ਮੰਨਣ ਤੋਂ ਇਨਕਾਰ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਜਿਸ਼ ਵਿੱਚ ਸ਼ਾਮਿਲ ਹੋਣ ਦੇ ਦੋਸ਼ ਹੇਠ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ।
ਪੀਲੀਭੀਤ ’ਚ ਧਰਮ ਪਰਿਵਰਤਨ ਦਾ ਨੋਟਿਸ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਧਰਮ ਪਰਿਵਰਤਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਚ ਦੇ ਕੇ ਜ਼ਬਰਦਸਤੀ ਧਰਮ ਤਬਦੀਲ ਕਰਵਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮਿਲ ਰਹੀ ਜਾਣਕਾਰੀ ਅਨੁਸਾਰ ਭਾਰਤ-ਨੇਪਾਲ ਦੇ ਸਰਹੱਦੀ ਖੇਤਰ ਅੰਦਰ ਕੁਝ ਪਿੰਡਾਂ ਵਿਚ ਵੱਸਦੇ ਪਰਿਵਾਰਾਂ ਨੂੰ ਦਬਾਅ, ਲਾਲਚ ਤੇ ਬਿਮਾਰੀ ਦੇ ਇਲਾਜ ਦੇ ਝੂਠੇ ਵਾਅਦਿਆਂ ਰਾਹੀਂ ਅਗਿਆਨਤਾ ਤੇ ਭਰਮਜਾਲ ਵਿੱਚ ਫਸਾ ਕੇ ਗੁਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਪਰਿਵਾਰਾਂ ਨੇ ਧਰਮ ਤਬਦੀਲੀ ਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਹੈ, ਪਰ ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉੱਤਰ ਪ੍ਰਦੇਸ਼ ਦੇ ਇੰਚਾਰਜ ਦੀ ਅਗਵਾਈ ਹੇਠ ਪ੍ਰਚਾਰਕ ਸਿੰਘਾਂ ਦੀ ਇਕ ਟੀਮ ਭੇਜੀ ਜਾ ਰਹੀ ਹੈ, ਜੋ ਮਾਮਲੇ ਦੀ ਪੜਤਾਲ ਕਰਕੇ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਭੇਜੇਗੀ।