ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਖਾਂ ਸ਼ਰਧਾਲੂ ਨਤਮਸਤਕ
ਤਲਵੰਡੀ ਸਾਬੋ 13 ਅਪਰੈਲ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਤੀਜੇ ਤੇ ਮੁੱਖ ਦਿਨ ਅੱਜ ਲੱਖਾਂ ਦੀ ਤਾਦਾਦ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ।
ਅੱਜ ਸਵੇਰੇ ਤਖ਼ਤ ਦਮਦਮਾ ਸਾਹਿਬ ਅਤੇ ਹੋਰਨਾਂ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਤਖ਼ਤ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਤਖ਼ਤ ਦਮਦਮਾ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਸੰਗਤ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ ਤੇ ਸਿੱਖ ਧਰਮ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਿੰਘ ਸਾਹਿਬ ਨੇ ਸੰਗਤ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ। ਇਸ ਤੋਂ ਇਲਾਵਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਮੁੱਖ ਛਾਉਣੀ ਬੁੱਢਾ ਦਲ (ਨਿਹੰਗ ਸਿੰਘਾਂ), ਗੁਰਦੁਆਰਾ ਬੁੰਗਾ ਨਾਨਕਸਰ ਆਦਿ ਧਾਰਮਿਕ ਅਸਥਾਨਾਂ ’ਤੇ ਵੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਧਾਰਮਿਕ ਅਸਥਾਨਾਂ ਵਿੱਚ ਸਿੱਖ ਵਿਦਵਾਨਾਂ ਨੇ ਕਥਾ ਕੀਰਤਨ ਤੇ ਗੁਰਬਾਣੀ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗਤਕੇ ਦੇ ਮੁਕਾਬਲੇ ਕਰਵਾਏ ਗਏ ਤੇ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ। ਸ਼ਰਧਾਵਾਨਾਂ ਵੱਲੋਂ ਸੰਗਤਾਂ ਲਈ ਲੰਗਰ ਤੇ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਗਿਆ।
ਅੱਜ ਕੱਢਿਆ ਜਾਵੇਗਾ ਮਹੱਲਾ
ਮੇਲੇ ਦੇ ਆਖ਼ਰੀ ਦਿਨ 14 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਸਵੇਰ ਸਮੇਂ ਮਹੱਲਾ ਕੱਢੇਗੀ। ਜਦ ਕਿ ਛਿਆਨਵੇਂ ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਿਹੰਗ ਸਿੰਘ ਜਥੇਬੰਦੀਆਂ ਘੋੜਿਆਂ ’ਤੇ ਸਵਾਰ ਹੋ ਕੇ ਰਵਾਇਤੀ ਮਹੱਲਾ ਕੱਢਣਗੀਆਂ। ਘੋੜ ਸਵਾਰ ਨਿਹੰਗ ਸਿੰਘ ਖੁੱਲ੍ਹੇ ਮੈਦਾਨ ਵਿੱਚ ਘੋੜ ਸਵਾਰੀ ਦੇ ਜੌਹਰ ਦਿਖਾਉਣਗੇ।
ਵਿਸਾਖੀ ਮੇਲੇ ਮੌਕੇ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਕਈ ਝੁਲਸੇ
ਵਿਸਾਖੀ ਮੇਲੇ ਮੌਕੇ ਅੱਜ ਇੱਥੇ ਤਖ਼ਤ ਦਮਦਮਾ ਸਾਹਿਬ ਦੇ ਚਰਨਕੁੰਡ ਕੋਲ ਕਰੰਟ ਲੱਗਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਤੇ ਕਈ ਝੁਲਸੇ ਗਏ। ਇਸ ਦੌਰਾਨ ਮਚੀ ਭਗਦੜ ਨੂੰ ਟਾਸਕ ਫੋਰਸ ਤੇ ਪੁਲੀਸ ਮੁਲਾਜ਼ਮਾਂ ਨੇ ਕੰਟਰੋਲ ਕੀਤਾ। ਕਰੰਟ ਲੱਗਣ ਵਾਲੇ ਸ਼ਰਧਾਲੂਆਂ ਨੂੰ ਭੀੜ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਭਿੰੰਦਰ ਸਿੰਘ (24) ਵਾਸੀ ਸੂਰਤੀਆ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜਿਆਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਹਾਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਆਏ ਸਨ। ਜਦ ਉਹ ਸਾਰੇ ਜਣੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਚਰਨਕੁੰਡ ਕੋਲ ਕਤਾਰਾਂ ਵਿੱਚ ਖੜ੍ਹੇ ਸਨ ਤਾਂ ਅਚਾਨਕ ਇੱਥੇ ਲੱਗੇ ਲੋਹੇ ਦੇ ਖੰਭੇ ਨੂੰ ਹੱਥ ਲੱਗਣ ਕਾਰਨ ਕਰੰਟ ਲੱਗ ਗਿਆ। ਕਰੰਟ ਨੇ ਕਈਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਤਪਾਲ ਸਿੰਘ ਤੇ ਜਗਵਿੰਦਰ ਸਿੰਘ ਵਾਸੀ ਦਲੇਲਵਾਲਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਸੁਖਬੀਰ ਬਾਦਲ ਤੇ ਹਰਸਿਮਰਤ ਨੇ ਮੱਥਾ ਟੇਕਿਆ
ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੜ ਪ੍ਰਧਾਨ ਬਣਨ ਮਗਰੋਂ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਅੱਜ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵਾਸਤੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਜਥੇਦਾਰ ਬਾਬਾ ਟੇਕ ਸਿੰਘ ਨੇ ਉਨ੍ਹਾਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਦੀ ਸੇਵਾ ਸੰਭਾਲਣ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ।