ਤਰੱਕੀਆਂ ਤੋਂ ਵਾਂਝੇ ਅਧਿਆਪਕਾਂ ਨੂੰ ਦੂਰ-ਦੁਰੇਡੇ ਸਟੇਸ਼ਨ ਦੇਣ ’ਤੇ ਰੋਸ
ਜਸਵੰਤ ਜੱਸ
ਫਰੀਦਕੋਟ, 23 ਦਸੰਬਰ
ਡੀਟੀਐੱਫ ਤੇ ਸਾਂਝੇ ਅਧਿਆਪਕ ਮੋਰਚੇ ਨੇ ਦੋਸ਼ ਲਾਏ ਹਨ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਈ.ਟੀ.ਟੀ. ਕਾਡਰ ਅਤੇ ਮਾਸਟਰ ਕਾਡਰ ਦੇ ਤਰੱਕੀ ਤੋਂ ਵਾਂਝੇ ਅਧਿਆਪਕਾਂ ਨੂੰ ਤਰੱਕੀ ਦੇਣ ਸਮੇਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਧੱਕੇ ਨਾਲ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ ਦੁਰਾਡੇ ਸਟੇਸ਼ਨ ਦਿੱਤੇ ਜਾ ਰਹੇ ਹਨ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਵਿਭਾਗ ਦੀ ਤਰੱਕੀ ਨੀਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸ ਖ਼ਿਲਾਫ਼ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਧਿਆਪਕ ਜੱਥੇਬੰਦੀਆਂ ਦੇ ਫਰੀਦਕੋਟ ਇਕਾਈ ਦੇ ਆਗੂਆਂ ਸੁਖਵਿੰਦਰ ਸੁੱਖੀ ਅਤੇ ਪ੍ਰੇਮ ਚਾਵਲਾ ਦੀ ਅਗਵਾਈ ਵਿੱਚ ਫਰੀਦਕੋਟ ਵਿਚ ਜ਼ਿਲ੍ਹੇ ਦੀਆਂ ਜਥੇਬੰਦੀਆਂ ਡੀ.ਟੀ.ਐਫ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਪਿਛਲੇ ਦਿਨੀਂ ਉਪਰੋਕਤ ਮਸਲਿਆਂ ’ਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਮੰਤਰੀ ਦੇ ਅੜੀਅਲ ਵਤੀਰੇ ਅਤੇ ਮੀਟਿੰਗ ਵਿਚਕਾਰ ਛੱਡੇ ਜਾਣ ਦੇ ਵਿਰੋਧ ਵਿੱਚ ਫਰੀਦਕੋਟ ਦੇ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਦੇ ਘਰ ਅੱਗੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਜਥੇਬੰਦੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਵਾਇਆ ਕਿ ਉਹ ਖੁਦ ਸਿੱਖਿਆ ਮੰਤਰੀ ਨਾਲ ਜਥੇਬੰਦੀ ਦੀ ਮੀਟਿੰਗ ਕਰਵਾਉਣਗੇ ਅਤੇ ਸਾਰੇ ਮਸਲੇ ਹੱਲ ਕਰਾਉਣ ਦਾ ਭਰੋਸਾ ਦਵਾਇਆ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਲਗਭਗ 2400 ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਵਿਚ ਮਰਜ ਕਰਨ ਦਾ ਫੈਸਲਾ ਕੀਤਾ ਜਾ ਚੁੱਕਾ ਹੈ ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ।