ਤਹਿਸੀਲਦਾਰਾਂ ਨੂੰ ਬਿਨਾਂ ਐੱਨਓਸੀ ਰਜਿਸਟਰੀਆਂ ਕਰਨ ਦੀ ਹਦਾਇਤ: ਮੁੰਡੀਆਂ
ਪੱਤਰ ਪ੍ਰੇਰਕ
ਮਾਛੀਵਾੜਾ, 16 ਮਈ
ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਸੂਬੇ ਦੀ ਕਿਸੇ ਵੀ ਤਹਿਸੀਲ ਵਿੱਚ ਰਜਿਸਟਰੀ ਕਰਵਾਉਣ ਲਈ ਐੱਨਓਸੀ ਦੀ ਕੋਈ ਲੋੜ ਨਹੀਂ ਹੈ ਅਤੇ ਜੇਕਰ ਕੋਈ ਤਹਿਸੀਲਦਾਰ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਪੱਤਰਕਾਰਾਂ ਨੇ ਮੰਤਰੀ ਮੁੰਡੀਆਂ ਨੂੰ ਸਵਾਲ ਕੀਤੇ ਕਿ ਪੰਜਾਬ ਦੀਆਂ ਕਈ ਤਹਿਸੀਲਾਂ ਵਿਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਰਜਿਸਟਰੀ ਕਰਵਾਉਣ ਮੌਕੇ ਐੱਨਓਸੀ ਦੀ ਮੰਗ ਕਰਦੇ ਹਨ ਜਿਸ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਐੱਨਓਸੀ ਦੀ ਛੋਟ ਦਿੱਤੀ ਹੋਈ ਹੈ, ਇਸ ਲਈ ਕੋਈ ਵੀ ਤਹਿਸੀਲਦਾਰ ਲੋਕਾਂ ਨੂੰ ਪ੍ਰੇਸ਼ਾਨ ਨਾ ਕਰੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ 2 ਹਜ਼ਾਰ ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਸਰਕਾਰੀ ਸਕੂਲਾਂ ਵਿਚ ਨਵੀਆਂ ਇਮਾਰਤਾਂ ਬਣੀਆਂ, ਵਿਦਿਆਰਥੀਆਂ ਨੂੰ ਨਵਾਂ ਫਰਨੀਚਰ ਮੁਹੱਈਆ ਕਰਵਾਇਆ ਗਿਆ ਅਤੇ ਅੱਜ ਪਿੰਡਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਨਵੀ ਤਕਨੀਕ ਦੇ ਪ੍ਰੋਜੈਕਟਾਂ ਰਾਹੀਂ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਅਤੇ ਪੁਰਾਣੀਆਂ ਖਸਤਾ ਹਾਲਤ ਇਮਾਰਤਾਂ ਵਿਚ ਬੱਚੇ ਤੱਪੜਾਂ ’ਤੇ ਬੈਠ ਕੇ ਪੜ੍ਹਦੇ ਸਨ ਪਰ ਅੱਜ ਸਾਡੀ ਆਮ ਆਦਮੀ ਪਾਰਟੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਦੇ ਨਾਲ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਨਵੇਂ ਅਧਿਆਪਕ ਵੀ ਭਰਤੀ ਕੀਤੇ ਗਏ ਜਿਸ ਨਾਲ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ ਉੱਥੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੀ ਘਾਟ ਵੀ ਪੂਰੀ ਹੋਈ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਹਰੇਕ ਸਰਕਾਰੀ ਸਕੂਲ ਦੇ ਵਿਕਾਸ ਲਈ 15 ਤੋਂ 30 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ ਜਿਨ੍ਹਾਂ ਦੇ ਅੱਜ ਉਦਘਾਟਨ ਕੀਤੇ ਜਾ ਰਹੇ ਹਨ।
ਜ਼ਿਲੇ ਦੀ ਕਿਸੇ ਵੀ ਤਹਿਸੀਲ ’ਚ ਹੋ ਸਕੇਗੀ ਰਜਿਸਟਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਨਵਾਂ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਹੁਣ ਜਿਸ ਜ਼ਿਲ੍ਹੇ ਨਾਲ ਸਬੰਧਤ ਵਿਅਕਤੀ ਦਾ ਆਧਾਰ ਕਾਰਡ ਹੈ ਉਹ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਵਿੱਚ ਜਾ ਕੇ ਆਪਣੀ ਜ਼ਮੀਨ ਦੀ ਰਜਿਸਟਰੀ ਕਰਵਾ ਸਕੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯੋਜਨਾ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜੋ ਜਲਦ ਸਾਰੇ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ।