ਤਾਨਾਸ਼ਾਹੀ ਸਰਕਾਰ ਚਲਾ ਰਹੇ ਨੇ ਮੋਦੀ: ਔਜਲਾ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਾਰਚ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਵਾ ਕੇ ਤਾਨਾਸ਼ਾਹੀ ਸਰਕਾਰ ਚਲਾ ਰਹੀ ਹੈ। ਵਿਰੋਧੀ ਧਿਰ ਦੇ ਆਗੂਆਂ ਨੂੰ ਲੋਕ ਸਭਾ ਦੇ ਅੰਦਰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤੇ ਜਾਂਦੇ ਹਨ, ਜਦੋਂ ਕਿ ਡਿਪਟੀ ਸਪੀਕਰ ਦਾ ਅਹੁਦਾ 2019 ਤੋਂ ਖਾਲੀ ਪਿਆ ਹੈ, ਹਾਲਾਂਕਿ ਇਸਦੀ ਚੋਣ ਧਾਰਾ 93 ਦੇ ਤਹਿਤ ਜ਼ਰੂਰੀ ਹੈ। ਉਨ੍ਹਾਂ ਇਹ ਦੋਸ਼ ਅੱਜ ਲੋਕ ਸਭਾ ਸੈਸ਼ਨ ਤੋਂ ਵਾਪਸ ਆਉਣ ਤੋਂ ਬਾਅਦ ਲਾਏ ਹਨ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਾਂਗਰਸ ਲੋਕ ਸਭਾ ਵਿੱਚ ਲੋਕਾਂ ਦੇ ਮੁੱਦੇ ਉਠਾਉਂਦੀ ਹੈ ਪਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਿਰੋਧੀ ਧਿਰ ਨੂੰ ਚੁੱਪ ਕਰਵਾ ਰਹੇ ਹਨ ਅਤੇ ਤਾਨਾਸ਼ਾਹੀ ਚਲਾ ਰਹੇ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਸਰਕਾਰ ਨੂੰ ਜ਼ਰੂਰ ਜਵਾਬਦੇਹ ਬਣਾਏਗੀ। ਇਸ ਸਬੰਧ ਵਿੱਚ ਲੋਕ ਸਭਾ ਦੇ ਸਪੀਕਰ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਗਿਆ ਹੈ ਕਿ ਮੌਜੂਦਾ ਕੇਂਦਰ ਸਰਕਾਰ ਲੋਕ ਸਭਾ ਵਿੱਚ ਆਪਣਾ ਪ੍ਰਭਾਵ ਬਣਾਈ ਰੱਖਣ ਲਈ ਦੂਜਿਆਂ ਨੂੰ ਬੋਲਣ ਦਾ ਮੌਕਾ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਲੋਕ ਸਭਾ ਸਪੀਕਰ ਤੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਗੰਭੀਰ ਮੁੱਦਿਆਂ 'ਤੇ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ ਅਤੇ ਲੋਕਤੰਤਰ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪੱਤਰ ਵਿਚ ਲੋਕ ਸਭਾ ਵਿੱਚ ਡਿਪਟੀ ਚੇਅਰਮੈਨ ਦੀ ਨਿਯੁਕਤੀ ਦੀ ਮੰਗ ਕੀਤੀ ਹੈ।