ਤਿੰਨ ਦਿਨ ਲੁਧਿਆਣਾ ’ਚ ਰਹਿਣਗੇ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ
ਗਗਨਦੀਪ ਅਰੋੜਾ
ਲੁਧਿਆਣਾ, 31 ਮਾਰਚ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਤਿੰਨ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਲੁਧਿਆਣਾ ਸ਼ਹਿਰ ਵਿੱਚ ਰਹਿਣਗੇ। ਕੇਜਰੀਵਾਲ ਪਹਿਲੀ ਅਪਰੈਲ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਲਈ ਸ਼ਹਿਰ ਵਿੱਚ ਪੁੱਜ ਰਹੇ ਹਨ। ਇਸ ਦੌਰਾਨ ਉਹ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਹੋਣ ਵਾਲੀ ਉਪ ਚੋਣ ਲਈ ਵਰਕਰਾਂ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਤੋਂ ਬਾਅਦ ਹਲਕਾ ਪੱਛਮੀ ਦੀ ਉਪ ਚੋਣ ਲਈ ਖ਼ਾਸ ਵਰਕਰਾਂ ਨਾਲ ਚਰਚਾ ਹੋਵੇਗੀ। ਸੋਮਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਪੱਛਮੀ ਹਲਕੇ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਪਹਿਲੀ ਅਪਰੈਲ ਨੂੰ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਰਿਜ਼ੋਰਟ ਵਿੱਚ ਵਰਕਰਾਂ ਨਾਲ ਮੀਟਿੰਗ ਦੇ ਨਾਲ-ਨਾਲ ਸੂਬਾ ਕਾਰਜਕਾਰਨੀ ਦੀ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਇਨਡੋਰ ਸਟੇਡੀਅਮ ਵਿੱਚ ਵਿਦਿਆਰਥੀਆਂ ਨੂੰ ਮਿਲਣਗੇ। ਦੋ ਅਪਰੈਲ ਨੂੰ ਉਪ ਚੋਣ ਵਾਲੇ ਇਲਾਕੇ ਹਲਕਾ ਪੱਛਮੀ ਦੇ ਘੁਮਾਰ ਮੰਡੀ ਖੇਤਰ ਵਿੱਚ ਨਸ਼ਿਆਂ ਵਿਰੁੱਧ ਰੈਲੀ ਕੀਤੀ ਜਾਵੇਗੀ।
ਅਧਿਕਾਰੀਆਂ ਨੇ ਘੁਮਾਰ ਮੰਡੀ ’ਚ ਜਾਇਜ਼ਾ ਲਿਆ
ਘੁਮਾਰ ਮੰਡੀ ਵਿੱਚ ਨਸ਼ਿਆਂ ਵਿਰੁੱਧ ਰੈਲੀ ਵਿੱਚ ਸ੍ਰੀ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਸ਼ਾਮਲ ਹੋਣਗੇ। ਇਸ ਵਿੱਚ ਸੂਬੇ ਦੇ ਸਾਰੇ ਆਗੂ ਅਤੇ ਮੰਤਰੀ ਵੀ ਮੌਜੂਦ ਰਹਿਣਗੇ। ਸੋਮਵਾਰ ਨੂੰ ਜਾਇਜ਼ਾ ਲੈਣ ਮੌਕੇ ਡੀਸੀ ਹਿਮਾਂਸ਼ੂ ਜੈਨ ਨਾਲ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਏਡੀਸੀਪੀ ਟਰੈਫਿਕ ਗੁਰਪ੍ਰੀਤ ਕੌਰ ਪੁਰੇਵਾਲ ਅਤੇ ਹੋਰ ਪੁਲੀਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।