ਧਾਰੀਵਾਲ: ਪ੍ਰਾਇਮਰੀ ਸਿੱਖਿਆ ਦਫ਼ਤਰ ਬਲਾਕ ਧਾਰੀਵਾਲ- 1 ਵਿੱਚ ਸਰਵ ਸਿੱਖਿਆ ਅਭਿਆਨ (ਸਮੱਗਰ) ਤਹਿਤ ਸੇਵਾਵਾਂ ਨਿਭਾਅ ਰਹੇ ਕੱਚੇ ਦਫ਼ਤਰੀ ਕਰਮਚਾਰੀਆਂ ਦੀ ਹੱਕੀ ਮੰਗਾਂ ਲਈ ਚੱਲ ਰਹੀ ਕਲਮ ਛੋੜ ਹੜਤਾਲ ਜਾਰੀ ਰਹੀ ਅਤੇ ਦਫ਼ਤਰੀ ਕੰਮ-ਕਾਜ ਠੱਪ ਰੱਖਿਆ ਗਿਆ। ਇਸ ਮੌਕੇ ਹੜਤਾਲ ’ਤੇ ਬੈਠੇ ਗਾਇਤਰੀ ਸ਼ਰਮਾ, ਹਰਪ੍ਰੀਤ ਕੌਰ ਅਤੇ ਰਾਜਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਕੀਤੇ ਵਾਅਦਿਆਂ ਨੂੰ ਜਾਣਬੁੱਝ ਕੇ ਪੂਰਾ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਮਸਲੇ ਹੱਲ ਨਹੀਂ ਕੀਤੇ ਜਾਂਦੇ, ਅਣਮਿੱਥੇ ਸਮੇਂ ਤੱਕ ਹੜਤਾਲ ਜਾਰੀ ਰਹੇਗੀ। ਦਫ਼ਤਰੀ ਕਰਮਚਾਰੀ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕੁਲਦੀਪ ਪੂਰੋਵਾਲ ਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਰੰਧਾਵਾ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰ ਕੇ ਪੂਰੇ ਲਾਭ ਦਿੱਤੇ ਜਾਣ। - ਪੱਤਰ ਪ੍ਰੇਰਕ