ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਧਰਨਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਮਾਰਚ
ਤਿੰਨ ਤਖ਼ਤਾਂ ਦੇ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਅੱਜ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧਰਨੇ ’ਚ ਪਹੁੰਚ ਕੇ ਉਨ੍ਹਾਂ ਦਾ ਮੰਗ ਪੱਤਰ ਹਾਸਲ ਕੀਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਹੋ ਗਿਆ। ਮੰਗ ਪੱਤਰ ’ਚ ਜਥੇਦਾਰਾਂ ਦੀ ਬਹਾਲੀ ਦੀ ਮੰਗ ਕੀਤੀ ਗਈ ਅਤੇ 15 ਅਪਰੈਲ ਤਕ ਮੰਗਾਂ ਨਾ ਮੰਨੇ ਜਾਣ ’ਤੇ ਅਗਲਾ ਪ੍ਰੋਗਰਾਮ ਉਲੀਕਣ ਦਾ ਐਲਾਨ ਕੀਤਾ ਗਿਆ। ਅੱਜ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਦੇ ਇਕੱਠ ਵੱਲੋਂ ਤਿੰਨ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਰਾਹੀਂ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਬਾਬਾ ਟੇਕ ਸਿੰਘ ਧਨੌਲਾ ਦੀ ਤਖ਼ਤਾਂ ਦੇ ਜਥੇਦਾਰਾਂ ਵਜੋਂ ਨਿਯੁਕਤੀ ਰੱਦ ਕਰਨ ਦੀ ਮੰਗ ਕੀਤੀ ਗਈ। ਦੂਜੇ ਮਤੇ ਰਾਹੀਂ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਅਕਾਲ ਤਖ਼ਤ, ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਤਖ਼ਤ ਕੇਸਗੜ੍ਹ ਸਾਹਿਬ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਤਖ਼ਤ ਦਮਦਮਾ ਸਾਹਿਬ ਵਜੋਂ ਤੁਰੰਤ ਸੇਵਾ ਸੌਂਪਣ ਲਈ ਕਿਹਾ ਗਿਆ। ਤੀਜੇ ਮਤੇ ਰਾਹੀਂ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤ ਕਰਨ ਦਾ ਵਿਧੀ ਵਿਧਾਨ ਸਿੱਖ ਸੰਸਥਾਵਾਂ ਅਤੇ ਸਿੱਖ ਵਿਦਵਾਨਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਹਰਿਆਣਾ ਕਮੇਟੀ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।