ਦਸਤਾਰ ’ਤੇ ਚੱਪਲ ਸੁੱਟਣ ਵਾਲੇ ਕੇਂਦਰੀ ਮੰਤਰੀ ਖ਼ਿਲਾਫ਼ ਕਾਰਵਾਈ ਮੰਗੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਕੋਲਕਾਤਾ ਵਿੱਚ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਸਰਕਾਰ ਨੂੰ ਅਜਿਹੇ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਨਾ ਕਰ ਸਕੇ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਦੀ ਪਛਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇੱਜ਼ਤਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਜਦੋਂ ਸਿਖਰਲੇ ਅਹੁਦਿਆਂ ’ਤੇ ਬੈਠੇ ਲੋਕ ਹੀ ਅਜਿਹੀਆਂ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਅਣਮੁੱਲੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸਿੱਖ ਕੌਮ ਨੇ ਹਰ ਔਖੀ ਘੜੀ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਸੇਵਾਵਾਂ ਨਾਲ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਜਾ ਰਿਹਾ ਹੈ।