ਦਸ ਕਿਲੋ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਮਈ
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖ਼ੁਫ਼ੀਆ ਸੂਚਨਾ ’ਤੇ ਕਾਰਵਾਈ ਕਰਦਿਆਂ ਵਿਦੇਸ਼ ਬੈਠੇ ਤਸਕਰ ਨਾਲ ਸਬੰਧਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਸ਼ਨਾਖ਼ਤ ਗੁਰਪਿੰਦਰ ਸਿੰਘ ਅਤੇ ਸਾਜਨ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ‘ਐੱਕਸ’ ਖਾਤੇ ’ਤੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ ਖ਼ੁਫ਼ੀਆ ਸੂਚਨਾ ’ਤੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਵਿਦੇਸ਼ ਬੈਠੇ ਤਸਕਰ ਜੱਸਾ ਨਾਲ ਸਬੰਧਤ ਹਨ। ਜੱਸਾ ਕੌਮਾਂਤਰੀ ਪੱਧਰ ’ਤੇ ਨਸ਼ਾ ਤਸਕਰੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ 10 ਕਿਲੋ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਅੰਮ੍ਰਿਤਸਰ ਸਥਿਤ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਹੋਰ ਸਬੰਧਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ।