ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 25 ਦਸੰਬਰਵਿਦੇਸ਼ਾਂ ਦੇ ਨਾਲ-ਨਾਲ ਦੇਸ਼ ਭਰ ’ਚ ਵੀ ਮਿਊਜ਼ਿਕ ਕੰਸਰਟ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਪੰਜਾਬੀ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਦੇ ਲੁਧਿਆਣਾ ’ਚ ਹੋਣ ਵਾਲੇ ਨਵੇਂ ਸਾਲ ਦੇ ਸਮਾਗਮ ਲਈ ਪੁਲੀਸ ਪੱਬਾਂ ਭਾਰ ਹੈ। ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਸੁਰੱਖਿਆ ਪ੍ਰਬੰਧਾਂ ਵਿੱਚ ਕਰੀਬ ਦੋ ਹਜ਼ਾਰ ਪੁਲੀਸ ਮੁਲਾਜ਼ਮਾਂ ਦੀ ਟੀਮ ਹੱਥ ਸਾਰੀ ਜ਼ਿੰਮੇਵਾਰੀ ਹੋਵੇਗੀ। ਅੱਜ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਆਪਣੀ ਪੂਰੀ ਟੀਮ ਨਾਲ ਸਮਾਗਮ ਵਾਲੀ ਥਾਂ ਦਾ ਦੌਰਾ ਕਰਨ ਲਈ ਪਹੁੰਚੇ। ਉਨ੍ਹਾਂ ਸਮਾਗਮ ਬਾਰੇ ਪੂਰੀ ਜਾਣਕਾਰੀ ਲਈ ਅਤੇ ਦਿਲਜੀਤ ਦੁਸਾਂਝ ਦੀ ਐਂਟਰੀ, ਆਮ ਲੋਕਾਂ ਅਤੇ ਵੀਆਈਪੀ ਲੋਕਾਂ ਦੀ ਐਂਟਰੀ ਸਬੰਧੀ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਪ੍ਰਬੰਧਕਾਂ ਨੇ ਪੁਲੀਸ ਕਮਿਸ਼ਨਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਦੱਸਿਆ ਕਿ ਪਾਰਕਿੰਗ ਏਰੀਆ ਕਿੱਥੇ ਹੋਵੇਗਾ, ਦਿਲਜੀਤ ਕਿੱਥੋਂ ਦਾਖਲ ਹੋਵੇਗਾ ਅਤੇ ਸਟੇਜ ’ਤੇ ਕਿੰਨੇ ਲੋਕ ਹੋਣਗੇ।ਜ਼ਿਕਰਯੋਗ ਹੈ ਕਿ 31 ਦਸੰਬਰ ਨੂੰ ਨਵੇਂ ਸਾਲ ਦੀ ਆਮਦ ਮੌਕੇ ਲੁਧਿਆਣਾ ’ਚ ਸਮਾਗਮ ਕਰਵਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਸ਼ੋਅ ਦੀਆਂ ਸਾਰੀਆਂ ਟਿਕਟਾਂ 12 ਮਿੰਟਾਂ ਵਿੱਚ ਵਿਕ ਗਈਆਂ ਸਨ ਜਿਸ ਤੋਂ ਬਾਅਦ ਪ੍ਰਬੰਧਕਾਂ ਨੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਲਗਭਗ 35 ਤੋਂ 40 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਸਮਾਗਮ ਮੌਕੇ ਸੁਰੱਖਿਆ ਪ੍ਰਬੰਧਾਂ ਲਈ ਕਰੀਬ ਦੋ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਰਹਿਣਗੇ। ਪੀਏਯੂ ਦੇ ਹਰ ਕੋਨੇ ਵਿੱਚ ਪੁਲੀਸ ਤਾਇਨਾਤ ਕੀਤੀ ਜਾਵੇਗੀ ਅਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਤੋਂ ਵੀਆਈਪੀ ਵਿਅਕਤੀਆਂ ਦੀ ਸੂਚੀ ਵੀ ਮੰਗੀ ਗਈ ਹੈ ਤਾਂ ਜੋ ਉਸ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਗੜਬੜ ਕਰਨ ਵਾਲਿਆਂ ’ਤੇ ਪੁਲੀਸ ਨਜ਼ਰ ਰੱਖੇਗੀ। ਜੇਕਰ ਕੋਈ ਬੇਲੋੜਾ ਗੜਬੜੀ ਪੈਦਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।