ਦਿੱਲੀ ਕਮੇਟੀ ਦੇ ਵਫ਼ਦ ਵੱਲੋਂ ਜੰਮੂ ਕਸ਼ਮੀਰ ਦੇ ਸਿੱਖਾਂ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ, ਜਿਨ੍ਹਾਂ ਨੂੰ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕੁਝ ਦਿਨ ਪਹਿਲਾਂ ਜੰਮੂ ਦੇ ਪੁਣਛ ਖੇਤਰ ਵਿੱਚ ਭੇਜਿਆ ਗਿਆ ਸੀ, ਤਾਂ ਜੋ ਪਾਕਿਸਤਾਨੀ ਹਮਲੇ ਦੌਰਾਨ ਨੁਕਸਾਨ ਹੋਏ ਗੁਰਦੁਆਰੇ ਅਤੇ ਸ਼ਹੀਦ ਹੋਏ ਸਿੱਖਾਂ ਨੂੰ ਮਦਦ ਦੀ ਪੇਸ਼ਕਸ਼ ਕੀਤੀ ਜਾ ਸਕੇ। ਇਸ ਦੌਰਾਨ ਭੁਪਿੰਦਰ ਸਿੰਘ ਗਿੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਪੁਣਛ ਦੇ ਕ੍ਰਿਸ਼ਨਾ ਘਾਟੀ, ਮੰਕੋਟ ਅਤੇ ਪੁਣਛ ਸਿਟੀ ਵਿੱਚ ਸਿੱਖਾਂ ਨਾਲ ਮਿਲ ਕੇ ਉਨ੍ਹਾਂ ਦੀ ਹਾਲਤ ਬਾਰੇ ਜਾਣਕਾਰੀ ਲਈ, ਜੋ ਅਜੇ ਵੀ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਲੋਂ ਭਾਰਤ ਦੇ ਅਪਰੇਸ਼ਨ ਸਿੰਧੂਰ ਤੋਂ ਬਾਅਦ ਹੋਏ ਹਮਲੇ ਦੌਰਾਨ ਇੱਥੋਂ ਦੇ ਗੁਰਦੁਆਰੇ ਨੂੰ ਭਾਰੀ ਨੁਕਸਾਨ ਹੋਇਆ, ਜਦਕਿ ਇਸ ਹਮਲੇ ਵਿਚ ਇਕ ਰਾਗੀ ਸਿੰਘ ਸਣੇ ਹੋਰ ਤਿੰਨ ਸਿੱਖ ਮਾਰੇ ਗਏ, ਜਿਸ ਕਾਰਨ ਸਿੱਖ ਭਾਈਚਾਰੇ ਵਿਚ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ।
ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਸ਼ਹੀਦ ਹੋਏ ਚਾਰ ਸਿੱਖਾਂ ਦੇ ਪਰਿਵਾਰਾਂ ਅਤੇ ਗੁਰਦੁਆਰੇ ਲਈ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਹੈ, ਜੋ ਜਲਦ ਹੀ ਇਨ੍ਹਾਂ ਪਰਿਵਾਰਾਂ ਤੱਕ ਪਹੁੰਚਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਕਿਸਮ ਦੀ ਮਦਦ ਲਈ ਹਮੇਸ਼ਾ ਤਤਪਰ ਹੈ।