ਦਿੱਲੀ ’ਚ ਕੇਜਰੀਵਾਲ ਦੀ ਵੀਡੀਓ ਨਾਲ ਛੇੜਛਾੜ ਮਾਮਲੇ ਦਾ ਲੁਧਿਆਣਾ ’ਚ ਕੇਸ ਦਰਜ
ਲੁਧਿਆਣਾ: ਦਿੱਲੀ ’ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਭਾਸ਼ਣ ਨਾਲ ਛੇੜਛਾੜ ਤੋਂ ਬਾਅਦ ਉਸ ਨੂੰ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਵਿਅਕਤੀ ਖ਼ਿਲਾਫ਼ ਲੁਧਿਆਣਾ ’ਚ ਕੇਸ ਦਰਜ ਕੀਤੇ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦਿੱਲੀ ਵਿੱਚ ਕੋਈ ਸ਼ਿਕਾਇਤ ਨਹੀਂ ਹੋਈ, ਸਗੋਂ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਛੇ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਤੇ ਲੁਧਿਆਣਾ ਪੁਲੀਸ ਨੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦਿੱਲੀ ਦੇ ਰਹਿਣ ਵਾਲੇ ਵਿਭੋਰ ਆਨੰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਵਿਰੋਧੀ ਇਸ ਗੱਲ ’ਤੇ ਸਵਾਲ ਚੁੱਕ ਰਹੇ ਹਨ ਕਿ ਦਿੱਲੀ ’ਚ ਵਾਪਰੀ ਘਟਨਾ ਲਈ ਲੁਧਿਆਣਾ ਵਿੱਚ ਕਿਵੇਂ ਕੇਸ ਦਰਜ ਕੀਤਾ ਗਿਆ। ਪੁਲੀਸ ਦਾ ਕਹਿਣਾ ਹੈ ਕਿ ਮਾਮਲਾ ਸੋਸ਼ਲ ਮੀਡੀਆ ਨਾਲ ਜੁੜਿਆ ਹੋਇਆ ਹੈ, ਇਸ ਕਰ ਕੇ ਕੇਸ ਲੁਧਿਆਣਾ ’ਚ ਦਰਜ ਕੀਤਾ ਜਾ ਸਕਦਾ ਹੈ। ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸੀਨੀਅਰ ਭਾਵਾਧਸ ਆਗੂ ਵਿਜੈ ਦਾਨਵ ਦੀ ਸ਼ਿਕਾਇਤ ’ਤੇ ਥਾਣਾ ਸਲੇਮ ਟਾਬਰੀ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਸ ’ਚ ਦੱਸਿਆ ਗਿਆ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਐੱਸਸੀ ਭਾਈਚਾਰੇ ਸੰਬੰਧੀ ਦਿੱਤੇ ਭਾਸ਼ਣ ਦੀ ਗਲਤ ਵੀਡੀਓ ਐਡਿਟ ਕੀਤੀ ਗਈ ਹੈ। ਇਸ ਕਾਰਨ ਆਮ ਲੋਕਾਂ ਦੀ ਸ਼ਾਂਤੀ ਭੰਗ ਹੋ ਸਕਦੀ ਹੈ। ਥਾਣਾ ਦੁੱਗਰੀ ਦੀ ਪੁਲੀਸ ਨੇ ਹਰੀ ਸਿੰਘ ਦੀ ਸ਼ਿਕਾਇਤ ’ਤੇ ਦਿੱਲੀ ਦੇ ਰਹਿਣ ਵਾਲੇ ਵਿਭੋਰ ਆਨੰਦ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਮੁਲਜ਼ਮਾਂ ਨੇ ਅਰਵਿੰਦ ਕੇਜਰੀਵਾਲ ਦੀ ਵੀਡੀਓ ਨਾਲ ਛੇੜਛਾੜ ਕੀਤੀ ਹੈ ਅਤੇ ਅਕਸ ਖ਼ਰਾਬ ਕਰਨ ਦੇ ਨਾਲ-ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਥਾਣਾ ਸਾਹਨੇਵਾਲ ਦੀ ਪੁਲੀਸ ਨੇ ਪੁਰਾਣਾ ਬਾਜ਼ਾਰ ਸਾਹਨੇਵਾਲ ਦੇ ਰਹਿਣ ਵਾਲੇ ਸਵਰਨ ਕੁਮਾਰ ਦੀ ਸ਼ਿਕਾਇਤ ’ਤੇ ਦਿੱਲੀ ਦੇ ਰਹਿਣ ਵਾਲੇ ਵਿਭੋਰ ਆਨੰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਹੈਬੋਵਾਲ ਅਤੇ ਡਿਵੀਜ਼ਨ ਨੰਬਰ-5 ਦੀ ਪੁਲੀਸ ਨੇ ਸੁਰਿੰਦਰ ਕਲਿਆਣ ਦੀ ਸ਼ਿਕਾਇਤ ’ਤੇ ਮਾਡਲ ਟਾਊਨ ਥਾਣੇ ਦੀ ਪੁਲੀਸ ਨੇ ‘ਆਪ’ ਕੌਂਸਲਰ ਕਪਿਲ ਕੁਮਾਰ ਸੋਨੂੰ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਵਿਭੋਰ ਆਨੰਦ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -ਟਨਸ